ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ, ਜਿਸ ਕਾਰਨ ਅੱਜ ਸਵੇਰੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਉਥੇ ਹੀ ਜਲੰਧਰ ਵੀ ਸਵੇਰੇ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਨਜ਼ਰ ਆਇਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਜ਼ੀਬਿਲਟੀ ਵੀ ਲਗਭਗ 50 ਮੀਟਰ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਜਨਵਰੀ ਦਾ ਮਹੀਨਾ ਖੁਸ਼ਕ ਰਿਹਾ। ਆਮ ਨਾਲੋਂ 59 ਪ੍ਰਤੀਸ਼ਤ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਬਾਵਜੂਦ ਸਵੇਰ ਤੋਂ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪਈ। ਅੱਜ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਤੋਂ ਬਾਅਦ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਪੱਛਮੀ ਗੜਬੜੀ ਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਵਧੇਰੇ
ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਸਰਗਰਮ ਹੋਣ ਵਾਲੇ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਵਧੇਰੇ ਦੇਖਿਆ ਜਾਵੇਗਾ ਪਰ ਇਸਦਾ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਹਲਕਾ ਪ੍ਰਭਾਵ ਪਵੇਗਾ। 2 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ, ਪਰ 3 ਤੋਂ 5 ਫਰਵਰੀ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਜਾਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।