ਪੰਜਾਬ ਤੇ ਹਰਿਆਣਾ 'ਚ ਮੀਂਹ ਪੈਣ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜ਼ਾਜ਼ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨ ਪੰਜਾਬ ਦੇ ਨਾਲ-ਨਾਲ ਜਲੰਧਰ 'ਚ ਕਈ ਥਾਵਾਂ 'ਤੇ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਗਰਮੀ ਤੋਂ ਰਾਹਤ ਮਿਲੀ।
11 ਜ਼ਿਲ੍ਹਿਆਂ ਚ ਯੈਲੋ ਅਲਰਟ
ਇਸ ਦੇ ਨਾਲ ਹੀ ਹਰਿਆਣਾ ਰਾਜ ਦੇ ਕੈਥਲ, ਝੱਜਰ, ਬਹਾਦਰਗੜ੍ਹ, ਪਾਣੀਪਤ ਵਿਚ 24 ਘੰਟਿਆਂ ਦੌਰਾਨ ਮੀਂਹ ਅਤੇ ਗੜੇਮਾਰੀ ਹੋਈ। ਇਸ ਦੇ ਨਾਲ ਹੀ ਦੋ ਜ਼ਿਲ੍ਹਿਆਂ ਹਿਸਾਰ ਅਤੇ ਕੈਥਲ ਵਿੱਚ ਵੀ ਬਿਜਲੀ ਡਿੱਗਣ ਦੇ ਮਾਮਲੇ ਸਾਹਮਣੇ ਆਏ ਹਨ। ਕੈਥਲ ਦੇ ਭਾਲੂ ਵਿੱਚ ਆਪਣੇ ਖੇਤਾਂ ਵਿੱਚੋਂ ਤੂੜੀ ਕੱਢ ਰਹੇ ਇੱਕ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਅੱਜ ਵੀ ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ਵਿੱਚ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਜੀਂਦ, ਫਤਿਹਾਬਾਦ, ਕਰਨਾਲ, ਕੈਥਲ, ਕੁਰੂਕਸ਼ੇਤਰ ਅਤੇ ਪੰਚਕੂਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਿਰਸਾ, ਹਿਸਾਰ, ਪਾਣੀਪਤ, ਅੰਬਾਲਾ ਅਤੇ ਯਮੁਨਾਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ, ਮੌਸਮ ਵਿਭਾਗ ਨੇ ਕਿਹਾ ਹੈ ਕਿ ਆਰੇਂਜ ਅਲਰਟ ਦੇ ਤਹਿਤ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਕਿਸਾਨਾਂ ਲਈ ਸਲਾਹ
ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰ ਕੇ ਕਿਸਾਨਾਂ ਨੂੰ ਕਣਕ ਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲਾਂ ਦਾ ਨੁਕਸਾਨ ਨਾ ਹੋਵੇ। ਦੱਸ ਦੇਈਏ ਕਿ ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ।