ਪੰਜਾਬ ਵਿੱਚ ਅੱਜ ਪਏ ਤੇਜ਼ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉਥੇ ਹੀ ਸੜਕਾਂ ਉਤੇ ਪਾਣੀ ਭਰਨ ਨਾਲ ਰਾਹਗੀਰਾਂ ਤੇ ਕੰਮਾਂ ਉਤੇ ਆਉਣ ਜਾਣ ਵਾਲਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਜਲੰਧਰ 'ਚ ਜਲ-ਥਲ
ਦੱਸ ਦੇਈਏ ਕਿ ਐਤਵਾਰ ਸਵੇਰ ਤੋਂ ਹੀ ਜਲੰਧਰ ਵਿਚ ਭਾਰੀ ਮੀਂਹ ਪਿਆ, ਜਿਸ ਨਾਲ ਸ਼ਹਿਰ ਵਿਚ ਸੜਕਾਂ ਉਤੇ ਪਾਣੀ ਖੜ੍ਹਾ ਹੋ ਗਿਆ। ਕਈ ਮੁਹੱਲਿਆਂ ਵਿਚ ਜਾਂ ਨੀਵਿਆਂ ਇਲਾਕਿਆਂ ਵਿਚ ਤਾਂ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਗਿਆ, ਜਿਸ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
12 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਪੈਣ ਨਾਲ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
10 ਦਿਨਾਂ 'ਚ ਸਿਰਫ 40.5 ਮਿਲੀਮੀਟਰ ਬਾਰਸ਼ ਹੋਈ
ਦੱਸ ਦੇਈਏ ਕਿ ਇਸ ਸੀਜ਼ਨ 'ਚ ਪੰਜਾਬ 'ਚ ਬਾਰਸ਼ ਕਾਫੀ ਘੱਟ ਹੋਈ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਸੂਬੇ 'ਚ ਮਹੀਨੇ ਦੇ ਪਹਿਲੇ 10 ਦਿਨਾਂ 'ਚ ਸਿਰਫ 40.5 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਦਿਨਾਂ 'ਚ 63.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ।