ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਠੰਡ ਕੜਾਕੇ ਦੀ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਰਾਤ ਤੋਂ ਇੱਕ ਪੱਛਮੀ ਗੜਬੜੀ ਵੀ ਸਰਗਰਮ ਹੋ ਜਾਵੇਗੀ, ਜਦੋਂ ਕਿ ਧੁੰਦ ਅਤੇ ਸੀਤ ਲਹਿਰ ਅੱਜ ਵੀ ਜਾਰੀ ਰਹੇਗੀ। ਸੰਗਰੂਰ ਤਿੰਨ ਡਿਗਰੀ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਧੁੰਦ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਆਰੇਂਜ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
ਇਸ ਦੇ ਨਾਲ ਹੀ ਅੱਜ ਸਵੇਰ ਤੋਂ ਹੀ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਕਾਰਨ, ਸੋਲਨ ਜ਼ਿਲ੍ਹੇ ਦੇ ਬੱਦੀ, ਮੰਡੀ ਦੇ ਪੰਡੋਹ, ਬੀਬੀਐਮਬੀ ਖੇਤਰ, ਬਿਲਾਸਪੁਰ, ਊਨਾ ਅਤੇ ਹਮੀਰਪੁਰ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਗਈ ਹੈ।
ਪੰਜਾਬ ਦੇ ਅੰਮ੍ਰਿਤਸਰ ਅਤੇ ਇਸ ਦੇ ਆਸ ਪਾਸ ਦੇ ਖੁੱਲ੍ਹੇ ਇਲਾਕਿਆਂ ਵਿਚ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਤ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਥੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਦੱਸੀ ਜਾ ਰਹੀ ਹੈ।