ਸ਼ੰਭੂ ਬਾਰਡਰ ਉਤੇ ਕਿਸਾਨਾਂ ਨੇ ਬਸੰਤ ਪੰਚਮੀ ਵਾਲੇ ਦਿਨ ਸ਼ੰਭੂ ਬਾਰਡਰ ਉਤੇ ਪਤੰਗਾਂ ਉਡਾਈਆਂ। ਇਕ ਪਾਸੇ ਹਰਿਆਣਾ ਪੁਲਸ ਡਰੋਨਾਂ ਰਾਹੀਂ ਹੰਝੂ ਗੈਸ ਦੇ ਗੋਲੇ ਸੁੱਟ ਰਹੀ ਸੀ, ਦੂਜੇ ਪਾਸੇ ਕਿਸਾਨਾਂ ਨੇ ਪਤੰਗਾਂ ਤੇ ਪਟਾਕਿਆਂ ਨਾਲ ਡਰੋਨ ਨੂੰ ਹੇਠਾਂ ਸੁੱਟ ਦਿੱਤਾ।
ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਉਤੇ ਹੰਝੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਦਾਗੀਆਂ ਜਾ ਰਹੀਆਂ ਹਨ, ਜਿਸ ਨਾਲ ਕਈ ਕਿਸਾਨ ਜ਼ਖਮੀ ਵੀ ਹੋਏ ਹਨ।
12 ਤੋਂ 4 ਵਜੇ ਤੱਕ ਰੋਕੀਆਂ ਟਰੇਨਾਂ
ਇਸ ਦੇ ਨਾਲ ਹੀ ਦੱਸ ਦੇਈਏ ਕਿ ਅੱਜ ਬੀਕੇਯੂ ਏਕਤਾ ਉਗਰਾਹਾਂ ਨੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਰੇਲਾਂ ਦਾ ਚੱਕਾ ਜਾਮ ਕੀਤਾ।ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਨੇ ਕਿਹਾ ਸੀ ਕਿ ਕਿਸਾਨ ਪੰਜਾਬ ਭਰ ਵਿੱਚ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਰੋਕਣਗੇ। ਕਿਉਂਕਿ ਪੁਲਸ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕਰ ਰਹੀ ਹੈ। ਇਸ ਦੇ ਵਿਰੋਧ 'ਚ ਹੀ ਅਸੀਂ ਇਹ ਫੈਸਲਾ ਲਿਆ ਹੈ।
ਟੋਲ ਪਲਾਜ਼ੇ ਕੀਤੇ ਮੁਫਤ
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਵਿੱਚ ਟੋਲ ਪਲਾਜ਼ਿਆਂ ਨੂੰ ਫ੍ਰੀ ਕਰ ਦਿੱਤਾ। ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ। ਕਿਸਾਨ ਆਮ ਲੋਕਾਂ ਦੇ ਵਾਹਨਾਂ ਨੂੰ ਟੋਲ ਪਲਾਜ਼ਾ ਤੋਂ ਲੰਘਣ ਦੇ ਰਹੇ ਹਨ।
ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ
ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਦੇਰ ਸ਼ਾਮ ਪ੍ਰਵਾਨ ਕਰ ਲਿਆ। ਹੁਣ ਦੇਖਣਾ ਹੋਵੇਗਾ ਕਿ ਕਿਸਾਨੀ ਮੰਗਾਂ ਇਤੇ ਕੀ ਸਹਿਮਤੀ ਬਣਦੀ ਹੈ।