ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਵਾਰ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ।
ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਉਪਰੋਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੀਤ ਲਹਿਰ ਕਾਰਣ ਵਧੀ ਠੰਡ
ਪੰਜਾਬ-ਹਰਿਆਣਾ ਵਿੱਚ ਲਗਾਤਾਰ ਠੰਡ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ 20 ਦਸੰਬਰ ਤੱਕ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਪੰਜਾਬ ਦੇ ਸ਼ਹਿਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਪਿਛਲੇ ਦੋ-ਤਿੰਨ ਦਿਨਾਂ ਤੋਂ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣਾ ਕੋਹਰਾ ਛਾਇਆ ਰਿਹਾ। ਜਿਸ ਕਾਰਨ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਸਵੇਰੇ ਕੋਹਰੇ ਨਾਲ ਜ਼ਮੀਨ ਚਿੱਟੀ ਦਿਖਾਈ ਦਿੱਤੀ। ਸ਼ੁੱਕਰਵਾਰ ਤੱਕ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ 11 ਅਤੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ
ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਡ ਹੋਰ ਵਧਣ ਦੇ ਆਸਾਰ ਹਨ।