ਪੰਜਾਬ 'ਚ ਸਫ਼ਾਈ ਕਰਮਚਾਰੀਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਸਫ਼ਾਈ ਮਿੱਤਰ ਸੇਫ਼ਟੀ ਚੈਲੇਂਜ 2025 ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਸੀਵਰਮੈਨਾਂ ਵੱਲੋਂ ਸੀਵਰੇਜ ਦੀ ਹੱਥੀਂ ਸਫ਼ਾਈ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਨਿਯਮਾਂ ਦੀ ਉਲੰਘਣਾ ਕਰਨ 'ਤੇ ਕੀਤੀ ਜਾਵੇਗੀ ਕਾਰਵਾਈ
ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਸੁਰੱਖਿਆ ਉਪਕਰਨਾਂ ਦੇ ਸੀਵਰੇਜ ਦੇ ਮੇਨਹੋਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਸੀਵਰੇਜ ਦੀ ਸਫ਼ਾਈ ਮਸ਼ੀਨਾਂ ਨਾਲ ਹੀ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੈਲਪਲਾਈਨ ਨੰਬਰ ਵੀ ਜਾਰੀ ਕੀਤੇ
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਵਿੱਚ ਆਮ ਲੋਕ ਵੀ ਆਪਣਾ ਯੋਗਦਾਨ ਪਾ ਸਕਦੇ ਹਨ। ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਬਿਨਾਂ ਸੁਰੱਖਿਆ ਉਪਕਰਨਾਂ ਤੋਂ ਸੀਵਰੇਜ ਦੀ ਸਫ਼ਾਈ ਕਰਦਾ ਦਿਖਾਈ ਦਿੰਦਾ ਹੈ ਜਾਂ ਕਿਸੇ ਨੂੰ ਸੀਵਰ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ ਜਾਂ ਨਗਰ ਨਿਗਮ ਦਫ਼ਤਰ ਦੇ ਫ਼ੋਨ 'ਤੇ ਸੂਚਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਵਿੱਚ ਪੋਸਟਰ ਅਤੇ ਫਲੈਕਸ ਵੀ ਲਗਾਏ ਗਏ ਹਨ ਤਾਂ ਜੋ ਲੋਕ ਸੀਵਰੇਜ ਦੀ ਸਫ਼ਾਈ ਸਬੰਧੀ ਨਿਯਮਾਂ ਅਤੇ ਸਾਵਧਾਨੀਆਂ ਤੋਂ ਜਾਣੂ ਹੋ ਸਕਣ। ਇਸ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵੀ ਮੌਜੂਦ ਸਨ।