ਖ਼ਬਰਿਸਤਾਨ ਨੈੱਟਵਰਕ: ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਕਈ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਦੇ ਨਾਲ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ। ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਖਰਾਬ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। 5 ਮਈ ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੇ ਹਨੇਰੀ ਦੀ ਸੰਭਾਵਨਾ ਹੈ। ਜਿਸ ਕਾਰਨ ਵਿਭਾਗ ਨੇ ਯੈੱਲੋ ਅਲਰਟ ਵੀ ਜਾਰੀ ਕੀਤਾ ਹੈ।
20 ਤੋਂ 30 ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ
ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਮੀਂਹ ਦੇ ਨਾਲ-ਨਾਲ ਧੂੜ ਭਰੀ ਹਨੇਰੀ ਵੀ ਆਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੂਫ਼ਾਨ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ, ਜਿੱਥੇ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।
100 ਫਲਾਇਟਸ ਹੋਈਆਂ ਲੇਟ , 3 ਨੂੰ ਕੀਤਾ ਡਾਇਵਰਟ
ਦਿੱਲੀ ਵਿੱਚ ਸ਼ੁੱਕਰਵਾਰ ਸਵੇਰੇ ਹਨੇਰੀ ਅਤੇ ਤੇਜ਼ ਹਵਾਵਾਂ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ, ਜੋ ਕਿ ਹਵਾਈ ਅੱਡੇ ਦਾ ਸੰਚਾਲਨ ਕਰਦੀ ਹੈ, ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੁਝ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸਮੇਂ ਵੀ ਤੇਜ਼ ਹਵਾਵਾਂ ਅਤੇ ਧੂੜ ਭਰੇ ਤੂਫਾਨ ਚੱਲ ਰਹੇ ਹਨ। ਇਸ ਤੋਂ ਇਲਾਵਾ, ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਦਿੱਲੀ ਹਵਾਈ ਅੱਡੇ ਤੋਂ 100 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ ਹੈ। 3 ਉਡਾਣਾਂ ਨੂੰ ਵੀ ਡਾਇਵਰਟ ਕਰਨਾ ਪਿਆ।
ਪਾਣੀ 'ਚ ਡੁੱਬੀਆਂ ਸੜਕਾਂ
ਭਾਰੀ ਮੀਂਹ ਕਾਰਨ ਦਿੱਲੀ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਖਾਨਪੁਰ, ਦਵਾਰਕਾ, ਡੀਐਨਡੀ, ਮੋਤੀ ਬਾਗ, ਮਿੰਟੋ ਬ੍ਰਿਜ ਅਤੇ ਲੋਧੀ ਰੋਡ ਵਰਗੇ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਟ੍ਰੈਫਿਕ ਜਾਮ ਹੋ ਗਿਆ ਹੈ। ਅੰਡਰਪਾਸ 2 ਤੋਂ 3 ਫੁੱਟ ਪਾਣੀ ਨਾਲ ਭਰੇ ਹੋਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਪਾਣੀ ਭਰੀਆਂ ਸੜਕਾਂ ਤੋਂ ਬਚਣ ਅਤੇ ਧਿਆਨ ਨਾਲ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ।