ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਜਾਰੀ ਰਹਿ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਵੀ ਮੰਗਲਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਭਾਰੀ ਮੀਂਹ ਦੀ ਭਵਿੱਖਬਾਣੀ
IMD ਵੱਲੋਂ ਇੱਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਚੰਡੀਗੜ੍ਹ, ਐਸ.ਏ.ਐਸ.ਨਗਰ, ਪੰਚਕੂਲਾ, ਯਮੁਨਾਨਗਰ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਨਾਲ ਹੀ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਗੁਜਰਾਤ ਵਿੱਚ ਹੜ੍ਹ ਵਰਗੀ ਸਥਿਤੀ
ਗੁਜਰਾਤ ਦੇ ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਹਵਾਈ ਫੌਜ ਨੇ ਹੈਲੀਕਾਪਟਰ ਰਾਹੀਂ ਦਵਾਰਕਾ ਦੇ ਪਨੇਲੀ ਪਿੰਡ 'ਚ ਹੜ੍ਹ 'ਚ ਫਸੇ 3 ਕਿਸਾਨਾਂ ਨੂੰ ਬਚਾਇਆ। ਅੱਜ ਪੂਰੇ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਕਰਨਾਟਕ 'ਚ ਜ਼ਮੀਨ ਖਿਸਕਣ ਕਾਰਨ ਫੌਜ ਦੀ ਟੁਕੜੀ ਤਾਇਨਾਤ
ਕਰਨਾਟਕ ਦੇ ਉੱਤਰਾ ਕੰਨੜ ਜ਼ਿਲ੍ਹੇ ਵਿੱਚ ਪਿਛਲੇ 2 ਹਫ਼ਤਿਆਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ। ਫਿਲਹਾਲ ਮਦਦ ਲਈ ਫੌਜ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਨੈਸ਼ਨਲ ਹਾਈਵੇਅ 66 ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਹਿਮਾਚਲ 'ਚ ਅੱਜ ਮੀਂਹ ਅਤੇ ਹੜ੍ਹ ਦਾ ਅਲਰਟ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਦੇ ਵਿਚਕਾਰ ਬੀਤੀ ਰਾਤ ਕਾਂਗੜਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਪਿਆ। ਮੰਡੀ ਅਤੇ ਊਨਾ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪਿਆ ਹੈ। ਕਾਂਗੜਾ ਵਿੱਚ 151.8 ਮਿਲੀਮੀਟਰ ਅਤੇ ਧਰਮਸ਼ਾਲਾ ਵਿੱਚ 136.6 ਮਿਲੀਮੀਟਰ ਮੀਂਹ ਪਿਆ ਹੈ।