ਪੰਜਾਬ ਸਰਕਾਰ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਖਨੌਰੀ ਸਰਹੱਦ ’ਤੇ ਪੁੱਜ ਗਈ ਹੈ। ਇਸ ਦੇ ਨਾਲ ਹੀ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ।
ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 31 ਦਸੰਬਰ ਤੋਂ ਪਹਿਲਾਂ ਉਨ੍ਹਾਂ ਨੂੰ ਆਰਜ਼ੀ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੋਇਆ ਤਾਂ ਪੰਜਾਬ ਦੇ ਡੀਜੀਪੀ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਜਾ ਸਕਦਾ ਹੈ।
ਡੱਲੇਵਾਲ ਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਰਹੀ ਬੇਸਿੱਟਾ
ਦੱਸ ਦੇਈਏ ਕਿ ਬੀਤੇ ਦਿਨ ਪ੍ਰਸ਼ਾਸਨ ਨੇ ਕਿਸਾਨ ਅਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਸੀ ਪਰ ਦੋਵਾਂ ਵਿਚਾਲੇ ਇਹ ਗੱਲਬਾਤ ਬੇਸਿੱਟਾ ਰਹੀ। ਇਸ ਗੱਲਬਾਤ ਤੋਂ ਬਾਅਦ ਡੱਲੇਵਾਲ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਹ ਮੋਰਚੇ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਉਹ ਇਸ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ।