PSPCL ਦਫਤਰ ਅੱਗੇ ਬਿਜਲੀ ਕੱਟਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਰਾਜਾ ਵੜਿੰਗ ‘ਤੇ ਚੱਲਿਆ ਵਾਟਰ ਕੈਨਨ! ਸਾਥੀਆਂ ਸਮੇਤ ਕੀਤਾ ਡਿਟੇਨ

Congress holds major protest against power cuts in Punjab

ਪਟਿਆਲਾ: ਪੰਜਾਬ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ PSPCL ਦੇ ਮੁੱਖ ਦਫ਼ਤਰ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰ ਰਹੇ ਹਨ।

ਪ੍ਰਦਰਸ਼ਨ ਦੌਰਾਨ ਜਦੋਂ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ PSPCL ਦਫ਼ਤਰ ਦੇ ਗੇਟ ਵੱਲ ਵਧੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਹਾਲਾਤ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲਿਆ।

ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ

ਪੰਜਾਬ ਭਰ ਤੋਂ ਕਾਂਗਰਸੀ ਆਗੂ, ਵਿਧਾਇਕ, ਸਾਬਕਾ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕੀਤੇ ਸਨ, ਪਰ ਹੁਣ ਲੋਕਾਂ ਨੂੰ ਲਗਾਤਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਾਂਗਰਸ ਆਗੂਆਂ ਮੁਤਾਬਕ ਬਿਜਲੀ ਕੱਟਾਂ ਕਾਰਨ ਘਰੇਲੂ ਖ਼ਪਤਕਾਰਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ। ਗਰਮੀ ਦੇ ਮੌਸਮ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।

ਕਾਂਗਰਸ ਨੇ ਦਾਅਵਾ ਕੀਤਾ ਕਿ ਖੇਤੀਬਾੜੀ ਖੇਤਰ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਫ਼ਸਲਾਂ ਨੂੰ ਵੀ ਨੁਕਸਾਨ ਦਾ ਖ਼ਤਰਾ ਹੈ। ਇਸ ਤੋਂ ਇਲਾਵਾ ਬਿਜਲੀ ਕੱਟਾਂ ਦਾ ਅਸਰ ਉਦਯੋਗਿਕ ਇਕਾਈਆਂ ’ਤੇ ਵੀ ਪੈ ਰਿਹਾ ਹੈ।

ਕਾਂਗਰਸ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਸਪਲਾਈ ਵਿੱਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।

Leave a Reply

Your email address will not be published. Required fields are marked *