ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਪਿੰਡ ਸੁਲਤਾਨ ਮਾਲ ਤੋਂ ਸਾਹਮਣੇ ਆਇਆ ਹੈ, ਜਿੱਥੇ 17 ਸਾਲਾ ਪ੍ਰਭਜੋਤ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਹ ਮਹਿਲ ਸਿੰਘ ਦਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪਿਤਾ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਮਹਿਲ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਕਿਸੇ ਹੋਰ ਮਾਂ-ਪਿਓ ਦਾ ਪੁੱਤਰ ਨਸ਼ੇ ਦੀ ਭੇਟ ਚੜ੍ਹੇ। ਉਨ੍ਹਾਂ ਸਰਕਾਰ ਨੂੰ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਪ੍ਰਭਜੋਤ ਸਿੰਘ ਦੇ ਫੁੱਫੜ ਨੇ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਦੀ ਕਥਿਤ ਢਿੱਲ ਕਾਰਨ ਨਸ਼ਾ ਤਸਕਰ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ।
ਕਿਸਾਨ ਯੂਨੀਅਨ ਨੇ ਸੰਘਰਸ਼ ਦੀ ਦਿੱਤੀ ਚੇਤਾਵਨੀ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਯੂਨੀਅਨ ਦੇ ਆਗੂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਆਗੂਆਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਅਤੇ ਇਸ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।









