ਜਲੰਧਰ ਦੇ ਖਿੰਗਰਾ ਗੇਟ ਨੇੜੇ ਸ਼ਨੀਵਾਰ ਨੂੰ ਮਨੂ ਕਪੂਰ ਅਤੇ ਉਸ ਦੇ ਸਾਥੀਆਂ ਵੱਲੋਂ ਰਿਸ਼ਭ ਉਰਫ ਬਾਦਸ਼ਾਹ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਮਨੂ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਹੁਣ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਭਗਵਾਨ ਸ਼੍ਰੀ ਵਾਲਮੀਕਿ ਚੌਕ ਵਿਖੇ ਮਨੂ ਦੇ ਚਾਚੇ ਦੇ ਲੜਕੇ ਅਤੇ ਉਸ ਦੇ ਪਿਤਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ, ਜਿਸ ਕਾਰਨ ਪੀੜਤ ਪਰਿਵਾਰ ਨੇ ਚੌਕ ਵਿੱਚ ਧਰਨਾ ਦਿੱਤਾ।ਧਰਨੇ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦਿਆਂ ਐਸਐਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਪੁਲਸ 'ਤੇ ਲਗਾਏ ਗੰਭੀਰ ਦੋਸ਼
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਪੁਲਸ 'ਤੇ ਬਾਦਸ਼ਾਹ ਦੇ ਕਾਤਲ ਮਨੂ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਦਾ ਦੋਸ਼ ਲਗਾਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਨੂ ਦੇ ਪਿਤਾ ਨੇ ਦੋਵਾਂ ਪੁੱਤਰਾਂ ਨੂੰ ਗੋਲੀ ਚਲਾਉਣ ਲਈ ਸ਼ਹਿ ਦਿੱਤੀ ਸੀ। ਇਸ ਲਈ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ।
ਥਾਣਾ ਇੰਚਾਰਜ ਨੂੰ ਮੁਅੱਤਲ ਕਰਨ ਦੀ ਮੰਗ
ਧਰਨੇ ਦੌਰਾਨ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਮਨੂੰ ਨੂੰ ਥਾਣੇ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੇ ਥਾਣੇ ਵਿੱਚ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਦੀ ਕੁੱਟ-ਮਾਰ ਕੀਤੀ ਗਈ। ਜਦੋਂ ਤੱਕ ਪਰਿਵਾਰਕ ਮੈਂਬਰਾਂ ਦੀ ਕੁੱਟ-ਮਾਰ ਮਾਮਲੇ ਵਿਚ ਬਿਆਨ ਦਰਜ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਬਾਜ਼ਾਰ ਬੰਦ ਕਰਨ ਦੀ ਚਿਤਾਵਨੀ ਦਿੰਦਿਆਂ ਥਾਣਾ ਇੰਚਾਰਜ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ।
15 ਦੀ ਬਜਾਏ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੇ 15 ਦੀ ਬਜਾਏ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਮੁਲਜ਼ਮ ਮਨੂ ਦੇ ਪਿਤਾ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਥਾਣਾ ਇੰਚਾਰਜ ਨੂੰ ਮੁਅੱਤਲ ਕਰ ਕੇ ਉਕਤ ਥਾਣੇ ਦੇ ਮੁਲਾਜ਼ਮਾਂ ਖ਼ਿਲਾਫ਼ ਕੁੱਟ-ਮਾਰ ਦਾ ਕੇਸ ਦਰਜ ਨਹੀਂ ਕੀਤਾ ਜਾਂਦਾ।
ਮੌਕੇ ’ਤੇ ਪੁੱਜੇ ਸ਼ੈਰੀ ਚੱਢਾ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਕੁੱਟ-ਮਾਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ ਅਤੇ ਮੁਲਜ਼ਮ ਮਨੂ ਕਪੂਰ ਦੇ ਪਿਤਾ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਜਿਸ ਤੋਂ ਬਾਅਦ ਪੁਲਸ ਅਧਿਕਾਰੀ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ।