ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੀਆਂ ਬੱਸਾਂ ਨੂੰ ਲੈ ਕੇ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।
ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਸਰਕਾਰੀ ਬੱਸਾਂ ਦਾ ਪੂਰਨ ਚੱਕਾ ਜਾਮ ਕੀਤਾ ਜਾਵੇਗਾ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕਰ ਰਹੀ। ਇਸ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ।
ਹੜਤਾਲ ਕਾਰਨ ਪੰਜਾਬ ਵਿੱਚ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਦੇ ਨਾਲ ਹੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਮਹਿਲਾਵਾਂ ਨੂੰ ਵੀ ਮੁਸ਼ਕਲ ਆ ਸਕਦੀ ਹੈ। ਇਸ ਲਈ 22 ਸਤੰਬਰ ਨੂੰ ਸਫ਼ਰ ਕਰਨ ਵਾਲੇ ਲੋਕ ਬੱਸ ਸੇਵਾਵਾਂ ਦੀ ਸਥਿਤੀ ਦਾ ਧਿਆਨ ਰੱਖਣ।









