ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 18 ਅਤੇ 19 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦਰਜ ਕੀਤੀ ਗਈ। ਮੀਂਹ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਰਿਹਾ।
18-19 ਅਗਸਤ ਨੂੰ ਭਾਰੀ ਮੀਂਹ ਦੇ ਆਸਾਰ
ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। 19 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
20 ਤੋਂ 23 ਅਗਸਤ ਦੇ ਵਿਚਕਾਰ ਮੌਸਮ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੇ ਆਸਾਰ ਬਣੇ ਰਹਿਣਗੇ।
ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਵੱਧ 37 MM ਮੀਂਹ
ਪਿਛਲੇ 24 ਘੰਟਿਆਂ ਵਿੱਚ ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਵੱਧ 37 MM ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪਟਿਆਲਾ ਦੇ ਰੌਣੀ ਵਿੱਚ 20.5 MM, ਐਸਬੀਐਸ ਨਗਰ ਦੇ ਬੱਲੋਵਾਲ ਵਿੱਚ 13.6 MM, ਮੋਹਾਲੀ ਵਿੱਚ 12 MM, ਪਟਿਆਲਾ ਵਿੱਚ 5.5 MM ਅਤੇ ਚੰਡੀਗੜ੍ਹ ਵਿੱਚ 1.5 MM ਮੀਂਹ ਦਰਜ ਹੋਇਆ।
ਚੰਡੀਗੜ੍ਹ-ਮੋਹਾਲੀ ਵਿੱਚ 33-34 ਡਿਗਰੀ ਰਹੇਗਾ ਤਾਪਮਾਨ
ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। 20 ਅਤੇ 21 ਅਗਸਤ ਨੂੰ ਤਾਪਮਾਨ 34 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਵੀ ਬਣੀ ਰਹੇਗੀ।









