ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 31 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ, ਜੋ ਡਰਾਈਵਰ ਵਜੋਂ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ, ਝਗੜੇ ਦੌਰਾਨ ਹੈਰੀ ਦੀ ਛਾਤੀ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਕ੍ਰਿਸ਼ਚੀਅਨ ਮੈਡੀਕਲ ਕਾਲਜ (CMC) ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਢਲੀ ਜਾਣਕਾਰੀ ਅਨੁਸਾਰ, ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਵੱਲੋਂ ਦੂਜੀ ਧਿਰ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਤੋਂ ਬਾਅਦ ਵਿਵਾਦ ਵਧ ਗਿਆ ਅਤੇ ਗੋਲੀਬਾਰੀ ਹੋ ਗਈ।
ਉੱਥੇ ਹੀ, ਪਰਿਵਾਰਕ ਮੈਂਬਰਾਂ ਨੇ ਪੁਰਾਣੀ ਰੰਜਿਸ਼ ਦਾ ਵੀ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਮੁਤਾਬਕ, ਹੈਰੀ ਦਾ ਇਲਾਕੇ ਦੇ ਕੁਝ ਲੋਕਾਂ ਨਾਲ ਪਹਿਲਾਂ ਤੋਂ ਝਗੜਾ ਚੱਲ ਰਿਹਾ ਸੀ। ਘਟਨਾ ਵਾਲੀ ਰਾਤ ਉਹ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ’ਤੇ ਗਿਆ ਹੋਇਆ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਗੋਲੀਬਾਰੀ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਜਾਂਚ ਤੋਂ ਬਾਅਦ ਹੀ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇਗੀ।









