ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ ਹਾਈਵੇਅ ‘ਤੇ ਕਿਸ਼ਨਗੜ੍ਹ ਚੌਕ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 7 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਧੁੰਦ ਕਾਰਣ ਵਾਪਰਿਆ ਹਾਦਸਾ
ਚਸ਼ਮਦੀਦਾਂ ਮੁਤਾਬਕ ਸਵੇਰ ਵੇਲੇ ਧੁੰਦ ਇੰਨੀ ਜ਼ਿਆਦਾ ਸੀ ਕਿ ਸੜਕ ‘ਤੇ ਕੁਝ ਵੀ ਸਾਫ਼ ਦਿਖਾਈ ਨਹੀਂ ਦੇ ਰਿਹਾ ਸੀ। ਘੱਟ ਵਿਜ਼ੀਬਿਲਟੀ ਕਾਰਨ ਟਰੱਕ ਡਰਾਈਵਰ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨੂੰ ਦੇਖ ਨਹੀਂ ਸਕਿਆ ਅਤੇ ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਸੜਕ ਕਿਨਾਰੇ ਸਰਵਿਸ ਲਾਈਨ ‘ਤੇ ਪਲਟ ਗਏ।
ਮੌਕੇ ‘ਤੇ ਪਹੁੰਚੀ ਪੁਲਿਸ ਅਤੇ SSF
ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ-ਪੁਕਾਰ ਮਚ ਗਈ ਅਤੇ ਆਵਾਜਾਈ ਰੁਕ ਗਈ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਜਾਂਚ ਜਾਰੀ
ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਦੁਬਾਰਾ ਚਾਲੂ ਕਰ ਦਿੱਤਾ ਹੈ। ਮੁੱਢਲੀ ਜਾਂਚ ਵਿੱਚ ਹਾਦਸੇ ਦਾ ਮੁੱਖ ਕਾਰਨ ਸੰਘਣੀ ਧੁੰਦ ਅਤੇ ਤੇਜ਼ ਰਫ਼ਤਾਰ ਨੂੰ ਮੰਨਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।



