ਖਬਰਿਸਤਾਨ ਨੈੱਟਵਰਕ- ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਅਗਵਾ ਕੀਤੇ 5 ਸਾਲਾ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲਾ ਨਿਊ ਦੀਪ ਨਗਰ ਦਾ ਹੈ। ਰਿਪੋਰਟ ਮੁਤਾਬਕ ਬੱਚਾ ਐਤਵਾਰ ਸ਼ਾਮ ਨੂੰ ਅਗਵਾ ਹੋਇਆ ਸੀ। ਅਗਵਾ ਕਰਨ ਤੋਂ ਬਾਅਦ ਬੱਚੇ ਨੂੰ ਜਾਨ ਤੋਂ ਮਾਰ ਦਿੱਤਾ ਗਿਆ।
ਅਗਵਾ ਹੋਏ ਬੱਚੇ ਦੀ ਲਾਸ਼ ਸ਼ਮਸ਼ਾਨਘਾਟ ਤੋਂ ਹੋਈ ਬਰਾਮਦ
ਬੱਚੇ ਦੀ ਲਾਸ਼ ਰਾਏਪੁਰ ਦੇ ਸ਼ਮਸ਼ਾਨਘਾਟ ਤੋਂ ਬਰਾਮਦ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵੀ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਟੀਮਾਂ ਨੇ ਇਸ ਘਿਨਾਉਣੇ ਅਪਰਾਧ ਦੀ ਜਾਂਚ ਸ਼ੁਰੂ ਕਰ ਦਿੱਤੀ।
ਰਿਪੋਰਟਾਂ ਅਨੁਸਾਰ ਬੱਚੇ ਨੂੰ ਸ਼ਾਮ 5-6 ਵਜੇ ਦੇ ਕਰੀਬ ਇਲਾਕੇ ਦੀ ਇੱਕ ਗਲੀ ਤੋਂ ਅਗਵਾ ਕੀਤਾ ਗਿਆ ਸੀ। ਅਗਵਾ ਕਰਨ ਮੌਕੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਵੀ ਆਈ, ਜਿਸ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਸੂਚਨਾ ਮਿਲਣ ‘ਤੇ ਡੀਐਸਪੀ ਦੇਵ ਦੱਤ ਸ਼ਰਮਾ ਪੁਰਹੀਰਨ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਮੁਲਜ਼ਮ ਕਾਬੂ
ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਗਵਾ ਕੀਤੇ ਗਏ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਗਵਾਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਫਿਲਹਾਲ ਬੱਚੇ ਨੂੰ ਅਗਵਾ ਕਰਨ ਅਤੇ ਉਸ ਦਾ ਕਤਲ ਕਰਨ ਪਿੱਛੇ ਕੀ ਮਨਸ਼ਾ ਸੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।