ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ‘ਚ ਗੋਲਡਨ ਐਵੇਨਿਊ ਦੇ ਬਾਹਰ ਕਾਰ ਵਿਚ ਜਾ ਰਹੇ 2 ਨੌਜਵਾਨਾਂ ਉਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇਕ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ। ਰਿਪੋਰਟ ਮੁਤਾਬਕ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
14 ਗੋਲੀਆਂ ਮਾਰ ਕੇ ਕੀਤਾ ਗਿਆ ਕਤਲ
ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ। ਉਸ ਨੇ ਦਾਅਵਾ ਕੀਤਾ ਹੈ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ, ਜਿਸ ਕਰਕੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਸੁਰੱਖਿਆ ਨੂੰ ਲੈ ਕੇ ਲੋਕ ਚਿੰਤਤ
ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਿਖਾਈ ਦੇ ਰਹੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਸੀ ਅਤੇ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।