ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਦੀਪਕਰਨ ਸਿੰਘ ਪੁੱਤਰ ਕੁਲਦੀਪ ਸਿੰਘ, ਨਿਵਾਸੀ ਪਿੰਡ ਖਾਲੜਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਦੀਪਕਰਨ ਸਿੰਘ ਪਿਛਲੇ ਕਰੀਬ ਡੇਢ ਸਾਲ ਤੋਂ ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਸ਼ਹਿਰ ਸੈਨ ਫਰਾਂਸਿਸਕੋ ਵਿੱਚ ਰਹਿ ਰਿਹਾ ਸੀ।
ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
ਜਾਣਕਾਰੀ ਮੁਤਾਬਕ ਬੀਤੇ ਦਿਨ ਜਦੋਂ ਉਹ ਕੰਮ ਤੋਂ ਘਰ ਪਰਤ ਰਿਹਾ ਸੀ, ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।
ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਹਾਦਸੇ ਤੋਂ ਬਾਅਦ ਦੀਪਕਰਨ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਦਿਨਾਂ ਤੱਕ ਚੱਲੇ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਕਲੌਤੇ ਪੁੱਤਰ ਨੂੰ ਖੋਹਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।