ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ ਸ਼ਹਿਰ ਦੇ 15 ਥਾਵਾਂ ‘ਤੇ ਰੇਡ ਕੀਤੀ ਗਈ। ਇਹ ਕਾਰਵਾਈ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਕੀਤੀ ਜਾ ਰਹੀ ਹੈ। ਇਸ ਆਪ੍ਰੇਸ਼ਨ ‘ਚ ਕਈ ਥਾਣਿਆਂ ਦੇ ਅਧਿਕਾਰੀ ਵੱਖ-ਵੱਖ ਥਾਵਾਂ ‘ਤੇ ਜਾਂਚ ਕਰ ਰਹੇ ਹਨ। ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰੱਗ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਇਲਾਕਿਆਂ ਵਿੱਚ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਨਸ਼ਾ ਛੱਡਣ ਵਾਲਿਆਂ ਨੂੰ ਦਿੱਤਾ ਜਾ ਰਿਹਾ ਮੌਕਾ
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਕਾਬੂ ਕੀਤੇ ਜਾਣ ਵਾਲੇ ਤਸਕਰਾਂ ਖ਼ਿਲਾਫ਼ ਧਾਰਾ 27 ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਜਾਂਦਾ ਹੈ। ਇਸ ਦੌਰਾਨ ਨਸ਼ੇੜੀਆਂ ਨੂੰ ਇੱਕ ਮੌਕਾ ਦਿੱਤਾ ਜਾਂਦਾ ਹੈ ਕਿ ਉਹ 64-ਏ ਤਹਿਤ ਅਰਜ਼ੀ ਦਾਇਰ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਥੋੜ੍ਹੀ ਮਾਤਰਾ ਵਿੱਚ ਨਸ਼ੇ ਸਮੇਤ ਫੜੇ ਗਏ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਂਦਾ ਹੈ ਅਤੇ ਨਸ਼ਾ ਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ।
14 ਥਾਣਿਆਂ ਦੀ ਪੁਲਿਸ ਅਤੇ ਵੱਡੇ ਅਧਿਕਾਰੀ ਕਰ ਰਹੇ ਜਾਂਚ
ਇਸ ਸਰਚ ਆਪ੍ਰੇਸ਼ਨ ਦੌਰਾਨ 14 ਪੁਲਿਸ ਸਟੇਸ਼ਨਾਂ ਦੇ ਐਸਐਚਓ (SHO), ਡੀਸੀਪੀ (DCP) ਅਤੇ ਹੋਰ ਉੱਚ ਅਧਿਕਾਰੀ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਕਰ ਰਹੇ ਹਨ। ਜਲੰਧਰ ਦੇ ਵੈਸਟ ਹਲਕੇ ਵਿੱਚ ਵੀ ਇਹ ਆਪ੍ਰੇਸ਼ਨ ਚਲਾਇਆ ਗਿਆ, ਜਿੱਥੇ ਏਸੀਪੀ ਮਨਮੋਹਨ ਲਾਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਲਸੂੜੀ ਮੁਹੱਲੇ ਵਿੱਚ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਹਰ ਹਫ਼ਤੇ ਹੋਵੇਗੀ ਸ਼ੱਕੀ ਇਲਾਕਿਆਂ ਦੀ ਜਾਂਚ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਸ਼ੱਕੀ ਇਲਾਕਿਆਂ ਵਿੱਚ ਹਰ ਹਫ਼ਤੇ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਅੱਜ ਪੂਰੇ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਚੈਕਿੰਗ ਅਭਿਆਨ ਚਲਾ ਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ।



