ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਸਵੇਰ ਤੋਂ ਕਈ ਇਲਾਕਿਆਂ ‘ਚ ਹੀ ਠੰਡੀਆਂ ਹਵਾਵਾਂ ਕਾਰਣ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੰਮ੍ਰਿਤਸਰ ‘ਚ ਅੱਜ ਤੜਕੇ ਕਰੀਬ 5 ਵਜੇ ਮੀਂਹ ਸ਼ੁਰੂ ਹੋ ਗਿਆ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਮਿਲੀ ਹੈ। ਮੀਂਹ ਕਾਰਨ ਪੂਰੇ ਸ਼ਹਿਰ ਵਿੱਚ ਠੰਢਕ ਮਹਿਸੂਸ ਕੀਤੀ ਜਾਣ ਲੱਗੀ। ਦੂਜੇ ਪਾਸੇ, ਕਈ ਥਾਵਾਂ ‘ਤੇ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 5.8 ਡਿਗਰੀ ਵੱਧ ਬਣਿਆ ਹੋਇਆ ਹੈ। ਭਾਖੜਾ ਡੈਮ ਖੇਤਰ ਵਿੱਚ ਸਭ ਤੋਂ ਵੱਧ 34.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਕੱਲ੍ਹ ਤੋਂ ਬਾਅਦ ਤਾਪਮਾਨ ਵਿੱਚ ਆਵੇਗੀ ਗਿਰਾਵਟ
ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਇਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ। 14, 15 ਅਤੇ 16 ਮਾਰਚ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।