ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਟਿੱਪਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ।
ਡਿਊਟੀ ‘ਤੇ ਜਾ ਰਿਹਾ ਸੀ ਪਰਮਜੀਤ
ਮ੍ਰਿਤਕ ਦੇ ਮਾਮਾ ਜਸਵੀਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਆਪਣੀ ਡਿਊਟੀ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਪਿੰਡ ਗੱਗੋਮਾਹਲ ਦੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪਰਮਜੀਤ ਸੜਕ ‘ਤੇ ਡਿੱਗ ਗਿਆ ਅਤੇ ਟਿੱਪਰ ਉਸ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਪਰਿਵਾਰ ‘ਚ ਮਾਤਮ, ਦੋ ਛੋਟੀਆਂ ਧੀਆਂ ਦਾ ਰੋ-ਰੋ ਬੁਰਾ ਹਾਲ
ਪਰਮਜੀਤ ਸਿੰਘ ਆਪਣੇ ਪਿੱਛੇ ਦੋ ਮਾਸੂਮ ਧੀਆਂ ਛੱਡ ਗਿਆ ਹੈ, ਜਿਨ੍ਹਾਂ ਵਿੱਚੋਂ ਸੁਖਮਨ ਦੀ ਉਮਰ ਮਹਿਜ਼ 2 ਸਾਲ ਅਤੇ ਕਿਰਤ ਦੀ ਉਮਰ 4 ਸਾਲ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਿਸ ਵੱਲੋਂ ਜਾਂਚ ਤੇ ਸੀਸੀਟੀਵੀ ਫੁਟੇਜ ਦੀ ਪੜਤਾਲ
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਟਿੱਪਰ ਚਾਲਕ ਦੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।