ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ 5-7 ਸ਼ੱਕੀ ਲੋਕਾਂ ਨੂੰ ਰਾਉਂਡਅੱਪ ਕੀਤਾ ਹੈ। ਉੱਥੇ ਹੀ ਇਸ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਡੀਐਸਪੀ ਪੱਟੀ ਜਗਬੀਰ ਸਿੰਘ ਅਤੇ ਐਸਐਚਓ ਸਰਹਾਲੀ ਗੁਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਲੋੜੀਂਦੇ ਇਹਤਿਆਤੀ ਪੁਲਿਸ ਕਦਮ ਨਾ ਚੁੱਕਣ ਦੇ ਦੋਸ਼ ਹੇਠ ਕੀਤੀ ਗਈ ਹੈ।
ਹਰਬਰਿੰਦਰ ਸਿੰਘ ਦਾ ਕਤਲ ਸਰਹਾਲੀ ਥਾਣਾ ਖੇਤਰ ਦੇ ਸਿੱਧੂ ਫਾਰਮ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਕੀਤਾ ਗਿਆ ਸੀ। ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਹੋਰ ਵਿਅਕਤੀ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
ਜਾਂਚ ਲਈ ਵਿਸ਼ੇਸ਼ ਹਦਾਇਤਾਂ
ਡੀਜੀਪੀ ਨੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਅਤੇ ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੂੰ ਜਾਂਚ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਧਮਕੀ ਜਾਂ ਜਬਰਨ ਵਸੂਲੀ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਹੈ। ਮੁੱਢਲੀ ਜਾਂਚ ਵਿੱਚ ਨਿੱਜੀ ਰੰਜਿਸ਼ ਜਾਂ ਬਦਲੇ ਦੀ ਆਸ਼ੰਕਾ ਜਤਾਈ ਗਈ ਹੈ।
ਮਾਮਲੇ ਦੀ ਜਾਂਚ ਵਿਗਿਆਨਕ ਅਤੇ ਤਕਨੀਕੀ ਤਰੀਕਿਆਂ ਨਾਲ ਕੀਤੀ ਜਾ ਰਹੀ ਹੈ। ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਟੀਮਾਂ ਬਣਾਈਆਂ ਗਈਆਂ ਹਨ। ਇੱਕ ਟੀਮ ਐਫਐਸਐਲ (FSL) ਨਾਲ ਮਿਲ ਕੇ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਸ ਮਾਮਲੇ ‘ਚ 5-7 ਲੋਕਾਂ ਨੂੰ ਰਾਉਂਡ ਅੱਪ ਕੀਤਾ ਹੈ।



