ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਲੱਗਿਆ ਹੈ। ਮਜੀਠੀਆ ਨੂੰ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਨੇ ਆਪਣੀ ਗੈਰ-ਕਾਨੂੰਨੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ । ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ । ਦੱਸ ਦੇਈਏ ਕਿ ਉਨ੍ਹਾਂ ਦਾ ਰਿਮਾਂਡ ਐਤਵਾਰ ਨੂੰ ਖਤਮ ਹੋ ਜਾਵੇਗਾ ।
ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ, ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ, ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਅਜਿਹੀ ਸਥਿਤੀ ਵਿੱਚ, ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਕੇਸ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
ਕੱਲ੍ਹ ਵੀ ਹੋਈ ਸੀ ਸੁਣਵਾਈ
ਦਸ ਦੇਈਏ ਕਿ ਬੀਤੇ ਦਿਨ ਵੀ ਇਸ ਮਾਮਲੇ ‘ਚ ਸੁਣਵਾਈ ਹੋਈ ਸੀ । ਜਿਸ ‘ਤੇ ਅਦਾਲਤ ਨੇ ਕੱਲ੍ਹ ਯਾਨੀ 4 ਜੁਲਾਈ ਤਕ ਮੁਲਤਵੀ ਕਰ ਦਿੱਤੀ ਸੀ | ਫਿਲਹਾਲ ਮਜੀਠੀਆ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੀ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
6 ਜੂਨ ਨੂੰ ਖਤਮ ਹੋਵੇਗਾ ਰਿਮਾਂਡ
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ ਮੋਹਾਲੀ ਕੋਰਟ ਨੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਹੈ। ਅਦਾਲਤ ਨੇ ਮਜੀਠੀਆ ਦਾ ਵਿਜੀਲੈਂਸ ਨੂੰ 4 ਦਿਨਾਂ ਦਾ ਹੋਰ ਰਿਮਾਂਡ ਦਿੱਤਾ ਹੈ । ਜੋ ਕਿ ਐਤਵਾਰ 6 ਜੂਨ ਤਕ ਖਤਮ ਹੋ ਜਾਵੇਗਾ |ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਮਜੀਠੀਆ ਨੂੰ ਕੱਲ੍ਹ ਦੁਬਾਰਾ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪਰ ਮੋਹਾਲੀ ਅਦਾਲਤ ਵੱਲੋਂ ਦਿੱਤਾ ਗਿਆ ਨਵਾਂ ਰਿਮਾਂਡ ਆਰਡਰ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਆਰਡਰ ਅੱਜ ਦੁਪਹਿਰ 2 ਵਜੇ ਤੱਕ ਆ ਜਾਵੇਗਾ। ਇਸ ਤੋਂ ਬਾਅਦ ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ ਕੱਲ੍ਹ ਕਰਨ ਦਾ ਫੈਸਲਾ ਕੀਤਾ ਹੈ।
ਵਿਜੀਲੈਂਸ ਨੇ ਘਰ ਰੇਡ ਕਰ ਕੇ ਫੜਿਆ ਸੀ ਮਜੀਠੀਆ
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਵਿਜੀਲੈਂਸ ਨੇ ਰੇਡ ਕਰ ਕੇ ਫੜਿਆ ਸੀ। ਉਸ ‘ਤੇ ਆਮਦਨ ਤੋਂ ਵੱਧ 540 ਕਰੋੜ ਰੁਪਏ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਇਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ ਉਤੇ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਹੁਣ ਰਿਮਾਂਡ ਵਧਾ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
ਦੱਸ ਦੇਈਏ ਕਿ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਕੱਲ੍ਹ ਪੰਜਾਬ ਵਿਚ ਕਈ ਅਕਾਲੀ ਲੀਡਰ ਤੇ ਵਰਕਰਾਂ ਨੂੰ ਹਾਊਸ ਅਰੈਸਟ ਕੀਤਾ ਗਿਆ ਸੀ। ਉਥੇ ਹੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਆਪਣੇ ਸਮਰਥਕਾਂ ਨਾਲ ਮੋਹਾਲੀ ਪਹੁੰਚੇ ਸਨ ਪਰ ਅਦਾਲਤ ਵੱਲ ਆਉਂਦੇ ਦੇਖ ਕੇ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਹੁਣ ਪੁਲਸ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ।