ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਤਿਆਰੀਆਂ ਦਾ ਲਿਆ ਜਾਇਜ਼ਾ
ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸਟੇਡੀਅਮ ਵਿੱਚ ਚੱਲ ਰਹੀ ਰਿਹਰਸਲ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ ਵੀ ਮੌਜੂਦ ਸਨ।

ਸਮਾਗਮ ਦੌਰਾਨ ਸ਼ਾਨਦਾਰ ਮਾਰਚ ਪਾਸਟ, ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਤੇ ਵਧੀਆ ਕੰਮ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਇਹ ਕੌਮੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।




