ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਦਾਇਰੇ ਵਿੱਚ ਸ਼ਾਮਲ ਕਰਨ ਸਬੰਧੀ ਬਿੱਲ ਲਿਆਉਣ ਦਾ ਪ੍ਰਸਤਾਵ ਰੱਖਿਆ ਹੈ। ਹਾਲਾਂਕਿ ਚੰਡੀਗੜ੍ਹ ਦੇ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਨੇ ਫਿਲਹਾਲ ਇਨਕਾਰ ਦਿੱਤਾ ਹੈ। ਇਹ ਆਰਟੀਕਲ ਰਾਸ਼ਟਰਪਤੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਨਿਯਮ ਬਣਾਉਣ ਅਤੇ ਸਿੱਧੇ ਤੌਰ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਦਿੰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸਿਆਸੀ ਆਗੂਆਂ ਨੇ ਇਸ ਮੁੱਦੇ ਉੱਤੇ ਆਪੋ-ਆਪਣਾ ਪ੍ਰਤੀਕਰਮ ਦਿੱਤਾ ਹੈ।
ਪਹਿਲਾਂ ਇਹ ਰਿਪੋਰਟ ਕੀਤੀ ਗਈ ਸੀ ਕਿ ਕੇਂਦਰ ਸਰਕਾਰ 1 ਤੋਂ 19 ਦਸੰਬਰ ਤੱਕ ਸਰਦ ਰੁੱਤ ਸੈਸ਼ਨ ਵਿੱਚ ਇੱਕ ਬਿੱਲ ਪੇਸ਼ ਕਰ ਸਕਦੀ ਹੈ, ਜਿਸ ਵਿੱਚ ਸੰਵਿਧਾਨ ਦੀ ਧਾਰਾ 240 ਅਧੀਨ ਚੰਡੀਗੜ੍ਹ ਸ਼ਾਮਲ ਹੋਵੇਗਾ।
ਇਸ ਨਾਲ ਚੰਡੀਗੜ੍ਹ ਇੱਕ ਪੂਰਨ ਕੇਂਦਰ ਸ਼ਾਸਤ ਪ੍ਰਦੇਸ਼ ਬਣ ਸਕਦਾ ਹੈ, ਜਿਸ ਵਿੱਚ ਪ੍ਰਸ਼ਾਸਕੀ ਸ਼ਕਤੀਆਂ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਨੂੰ ਤਬਦੀਲ ਹੋ ਜਾਣਗੀਆਂ। ਪੰਜਾਬ ਦੇ ਆਗੂਆਂ ਨੂੰ ਡਰ ਸੀ ਕਿ ਇਸ ਨਾਲ ਚੰਡੀਗੜ੍ਹ ‘ਤੇ ਉਨ੍ਹਾਂ ਦਾ ਰਵਾਇਤੀ ਕੰਟਰੋਲ ਖਤਮ ਹੋ ਜਾਵੇਗਾ। ਪੰਜਾਬ ਸਰਕਾਰ, ਕਾਂਗਰਸ ਅਤੇ ਅਕਾਲੀ ਦਲ ਨੇ ਇਸਦਾ ਸਖ਼ਤ ਵਿਰੋਧ ਕੀਤਾ ਸੀ।
CM ਮਾਨ ਨੇ ਕੀਤਾ ਵਿਰੋਧ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ ‘ਚ ਵਿਰੋਧ ਕਰਦੇ ਹਾਂ। ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।
ਚੰਡੀਗੜ੍ਹ ਪੰਜਾਬ ਦਾ ਅਭਿੰਨ ਹਿੱਸਾ-ਪ੍ਰਧਾਨ ਜਾਖੜ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਹਿੱਤਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਭਿੰਨ ਹਿੱਸਾ ਹੈ ਅਤੇ ਪੰਜਾਬ ਭਾਜਪਾ ਸੂਬੇ ਦੇ ਹਿੱਤਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ, ਭਾਵੇਂ ਉਹ ਚੰਡੀਗੜ੍ਹ ਦਾ ਮੁੱਦਾ ਹੋਵੇ ਜਾਂ ਪੰਜਾਬ ਦੇ ਪਾਣੀਆਂ ਦਾ। ਚੰਡੀਗੜ੍ਹ ਸਬੰਧੀ ਪੈਦਾ ਹੋਏ ‘ਭਰਮ ਦੀ ਸਥਿਤੀ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਜੋ ਵੀ ਭਰਮ ਦੀ ਸਥਿਤੀ ਪੈਦਾ ਹੋਈ ਹੈ, ਉਸ ਨੂੰ ਦੂਰ ਕੀਤਾ ਜਾਵੇਗਾ।
ਆਰਟੀਕਲ 240 ਕੀ ਹੈ
ਇਹ ਬਿੱਲ ਭਾਰਤ ਦੇ ਸੰਵਿਧਾਨ ਦੇ ਆਰਟੀਕਲ 240 ਵਿੱਚ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਭਾਰਤੀ ਸੰਵਿਧਾਨ ਦਾ ਆਰਟੀਕਲ 240 ਦੇਸ਼ ਦੇ ਰਾਸ਼ਟਰਪਤੀ ਨੂੰ ਵਿਸ਼ੇਸ਼ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਸ਼ਾਂਤੀ, ਤਰੱਕੀ ਤੇ ਨਿਯਮ ਬਣਾਉਣ ਦਾ ਅਧਿਕਾਰ ਦਿੰਦਾ ਹੈ।ਇਹ ਬਿਨ੍ਹਾਂ ਵਿਧਾਨ ਸਭਾ ਵਾਲੇ ਬਾਕੀ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਾਂਗ ਹੋਵੇਗਾ ਜਿਵੇਂ ਅੰਡੇਮਾਨ ਨਿਕੋਬਾਰ, ਲਕਸ਼ਦੀਪ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਊ ਅਤੇ ਪੁਡੁਚੇਰੀ।