ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਫਰੀਦਕੋਟ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਸਵੇਰੇ ਧੁੰਦ ਕਾਰਨ ਇੱਕ ਕਾਲਜ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਮੁਤਾਬਕ, ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਬਾਬਾ ਫਰੀਦ ਯੂਨੀਵਰਸਿਟੀ, ਬਠਿੰਡਾ ਵੱਲ ਜਾ ਰਹੀ ਸੀ। ਗਿੱਦੜਬਾਹਾ–ਮਲੋਟ ਰੋਡ ’ਤੇ ਥੇਹਰੀ ਨੇੜੇ ਸੰਘਣੀ ਧੁੰਦ ਕਾਰਨ ਬੱਸ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਮੌਕੇ ’ਤੇ ਅਫ਼ਰਾਤਫ਼ਰੀ ਮਚ ਗਈ।
ਹਾਦਸੇ ਵਿੱਚ ਬੱਸ ਡਰਾਈਵਰ, ਕਾਲਜ ਸਟਾਫ਼, ਲਾਇਬ੍ਰੇਰੀਅਨ ਅਤੇ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਡਰਾਈਵਰ ਨੇ ਦੱਸਿਆ ਕਿ ਘੱਟ ਵਿਜ਼ੀਬਿਲਟੀ ਕਾਰਨ ਉਸਨੂੰ ਸੜਕ ਕਿਨਾਰੇ ਖੜ੍ਹਾ ਟਰੱਕ ਨਜ਼ਰ ਨਹੀਂ ਆਇਆ। ਘਟਨਾ ‘ਚ ਜ਼ਖ਼ਮੀ ਸਟਾਫ਼ ਨੂੰ ਇਲਾਜ ਲਈ ਬਠਿੰਡਾ ਭੇਜਿਆ ਗਿਆ ਹੈ, ਜਦਕਿ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।