ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ ਵਿੱਚ ਮਟਰਾਂ ਦੀ ਸਬਜ਼ੀ ਖਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕੋ ਪਰਿਵਾਰ ਦੇ ਚਾਰ ਹੋਰ ਮੈਂਬਰ ਬਿਮਾਰ ਹੋ ਗਏ। ਬਿਮਾਰ ਮੈਂਬਰਾਂ ਨੂੰ ਇਲਾਜ ਲਈ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪਰਿਵਾਰ ਦੇ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤਰਨਤਾਰਨ ਦੀ ਇੱਕ ਦੁਕਾਨ ਤੋਂ ਮਟਰਾਂ ਦਾ ਬੰਦ ਪੈਕੇਟ ਖਰੀਦਿਆ ਸੀ। ਮੰਗਲਵਾਰ ਰਾਤ ਪਰਿਵਾਰ ਨੇ ਇਨ੍ਹਾਂ ਮਟਰਾਂ ਦੀ ਸਬਜ਼ੀ ਤਿਆਰ ਕਰਕੇ ਖਾਧੀ। ਸਬਜ਼ੀ ਖਾਣ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਦੇ ਕਾਮੇ ਜਗਤਾਰ ਸਿੰਘ ਜੱਗੀ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ, ਜਿਸ ਦੀ ਹਾਲਤ ਅਚਾਨਕ ਵਿਗੜ ਗਈ।
ਇਸ ਤੋਂ ਬਾਅਦ ਦਿਲਬਾਗ ਸਿੰਘ, ਉਨ੍ਹਾਂ ਦੀ ਪਤਨੀ ਅਤੇ ਦੋ ਨੂੰਹਾਂ ਨੂੰ ਵੀ ਪੇਟ ਦਰਦ ਅਤੇ ਹੋਰ ਤਕਲੀਫ਼ਾਂ ਮਹਿਸੂਸ ਹੋਣ ਲੱਗੀਆਂ। ਸਾਰੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਗਤਾਰ ਸਿੰਘ ਜੱਗੀ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਨੇ ਮਾਮਲੇ ਦੀ ਜਾਂਚ ਅਤੇ ਮਟਰਾਂ ਦੇ ਪੈਕੇਟ ਦੀ ਗੁਣਵੱਤਾ ਦੀ ਪੜਤਾਲ ਕਰਨ ਦੀ ਮੰਗ ਕੀਤੀ ਹੈ। ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।