ਖ਼ਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਆਪਣੀ ਧਾਰਮਕ ਸਜ਼ਾ ਪੂਰੀ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਇਕ ਸਮਾਗਮ ਦੌਰਾਨ ਨਾਚ-ਗਾਣੇ ਤੇ ਮਨੋਰੰਜਨ ਕਰ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਦੋਸ਼ਾਂ ਤਹਿਤ ਬੈਂਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜ਼ਾ ਸੁਣਾਈ ਸੀ।
“ਹਮਰੇ ਅਵਗੁਣ ਬਹੁਤੁ ਬਹੁਤੁ ਹੈ
ਬਹੁ ਬਾਰ ਬਾਰ ਹਰਿ ਗਣਤ ਨ ਆਵੈ॥
ਤੂੰ ਗੁਣਵੰਤਾ ਹਰਿ ਹਰਿ ਦਇਆਲੁ
ਹਰਿ ਆਪੇ ਬਖਸਿ ਲੈਹਿ ਹਰਿ ਭਾਵੈ॥
ਹਮ ਅਪਰਾਧੀ ਰਾਖੇ ਗੁਰ ਸੰਗਤੀ
ਉਪਦੇਸੁ ਦੀਓ ਹਰਿ ਨਾਮੁ ਛਡਾਵੈ॥੨॥”ਮੀਰੀ-ਪੀਰੀ ਦੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਦਾਸ ਨੂੰ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਗੁਰੂ ਸਾਹਿਬ ਜੀ… pic.twitter.com/XJakr3FuWZ
— Harjot Singh Bains (@harjotbains) August 13, 2025
ਕੀ ਮਿਲੀ ਸੀ ਧਾਰਮਕ ਸਜ਼ਾ
ਇਸ ਦੌਰਾਨ ਬੈਂਸ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਆਦੇਸ਼ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਤੁਰ ਕੇ ਜਾਣ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣ, ਚੰਗੀ ਸਾਫ਼-ਸਫਾਈ ਯਕੀਨੀ ਬਣਾਉਣ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ ਵਿਖੇ 100 ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ, ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 2 ਦਿਨ ਜੋੜਾ ਘਰ ਵਿਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣੀ ਸੀ। ਉਕਤ ਹੁਕਮ ਅਨੁਸਾਰ ਉਨ੍ਹਾਂ ਆਪਣੀ ਸੇਵਾ ਇਕ ਨਿਮਾਣੇ ਸਿੱਖ ਵਜੋਂ ਪੂਰੀ ਕੀਤੀ ਹੈ।
ਬੈਂਸ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨਾਂ ਨੂੰ ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨ ਲਈ ਆਪਣੇ ਅਖ਼ਤਿਆਰੀ ਫੰਡ ਵਿਚੋਂ 20 ਲੱਖ ਰੁਪਏ ਅਤੇ ਆਪਣੀ ਇਕ ਮਹੀਨੇ ਦੀ ਤਨਖਾਹ ਦੇਣਗੇ।
ਇਕ ਨਿਮਾਣਾ ਸਿੱਖ ਹੋਣ ਨਾਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਸ੍ਰੀ ਅਕਾਲ ਤਖਤ ਸਾਹਿਬ ਜੀ, ਪੰਜ ਸਿੰਘ ਸਾਹਿਬਾਨ ਅਤੇ ਗੁਰੂ ਦੀ ਸੰਗਤ ਦੇ ਚਰਨਾਂ ਵਿਚ ਨਿਮਰਤਾ ਸਹਿਤ ਇਕ ਵਾਰ ਮੁੜ ਬੇਨਤੀ ਕਰਦਾ ਹੈ ਕਿ ਭੁੱਲਣਹਾਰ ਜਾਣ ਕੇ ਦਾਸ ਦੀਆਂ ਅਤੀਤ ਵਿਚ ਜਾਣੇ-ਅਨਜਾਣੇ ਵਿਚ ਹੋਈਆਂ ਭੁੱਲਾਂ ਦੀ ਖਿਮਾਂ ਦੀ ਬਖਸ਼ਿਸ਼ ਕਰਨ ਅਤੇ ਬਲ-ਬੁੱਧ ਬਖਸ਼ ਕੇ ਭਵਿੱਖ ਵਿਚ ਧਰਮ, ਕੌਮ, ਦੇਸ਼, ਪੰਜਾਬ ਅਤੇ ਸਮਾਜ ਦੀ ਵੱਧ ਤੋਂ ਵੱਧ ਸੇਵਾ ਕਰਵਾ ਲੈਣ।