ਖਬਰਿਸਤਾਨ ਨੈੱਟਵਰਕ– ਸ਼ਹੀਦੀ ਸਭਾ ਦੇ ਤੀਜੇ ਤੇ ਆਖਰੀ ਦਿਨ ਪਵਿੱਤਰ ਨਗਰੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਰੂਪ ਤੱਕ ਸਜਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ। ਸਾਹਬਿਜ਼ਾਦਿਆਂ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ।
CM ਮਾਨ ਦਾ ਟਵੀਟ
ਉਨ੍ਹਾਂ ਲਿਖਿਆ ਅੱਜ ੧੩ ਪੋਹ ਦੇ ਦਿਨ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਨੇ ਨੀਹਾਂ ‘ਚ ਚਿਣਵਾ ਦਿੱਤਾ ਤੇ ਸ਼ਹੀਦ ਕਰ ਦਿੱਤਾ ਅਤੇ ਮਾਤਾ ਗੁਜਰੀ ਜੀ ਠੰਡੇ ਬੁਰਜ ‘ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸੁਆਸ ਤਿਆਗ ਗਏ ਸਨ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।
ਸ਼ਹੀਦੀ ਦਿਹਾੜਿਆਂ ਮੌਕੇ ਬੰਦ ਹੋਣ ਸ਼ਰਾਬ ਦੇ ਠੇਕੇ: ਜਥੇ.ਗੜਗੱਜ
ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਕਰੇ। ਉਨ੍ਹਾਂ ਕਿਹਾ ਕਿ ਇਹ ਦਿਨ ਸੋਗ, ਆਤਮ-ਨਿਰੀਖਣ ਅਤੇ ਸ਼ਰਧਾ ਲਈ ਹਨ, ਨਸ਼ਾ ਜਾਂ ਮਨੋਰੰਜਨ ਲਈ ਨਹੀਂ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸਤਿਕਾਰ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਨਸ਼ਾ ਮੁਕਤ ਸਮਾਜ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਚਰਿੱਤਰ ਨਿਰਮਾਣ ਲਈ ਕੰਮ ਕਰਨ ਦੀ ਅਪੀਲ ਕੀਤੀ।
ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ
ਛੋਟੇ ਸਾਹਿਬਜ਼ਾਦੇ— ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੁਪੁੱਤਰ ਸਨ। ਉਨ੍ਹਾਂ ਨੇ ਬਚਪਨ ਦੀ ਨਿੱਕੀ ਉਮਰ ਵਿੱਚ ਧਰਮ ਅਤੇ ਸੱਚਾਈ ਲਈ ਅਟਲ ਹਿੰਮਤ ਦਿਖਾਈ। ਸਰਹਿੰਦ ਵਿੱਚ ਜ਼ਾਲਮ ਹਾਕਮਾਂ ਅੱਗੇ ਨਾ ਝੁਕਦੇ ਹੋਏ, ਉਨ੍ਹਾਂ ਨੇ ਸ਼ਹੀਦੀ ਕਬੂਲ ਕਰ ਕੇ ਸਿੱਖ ਇਤਿਹਾਸ ਵਿੱਚ ਅਮਰ ਯਾਦ ਛੱਡੀ। ਛੋਟੇ ਸਾਹਿਬਜ਼ਾਦਿਆਂ ਨੂੰ ਜਦੋਂ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਤਾਂ ਦੀਵਾਨ ਟੋਡਰ ਮੱਲ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸੰਸਕਾਰ ਕਰਨਾ ਚਾਹਿਆ ਪਰ ਸੂਬਾ ਸਰਹੰਦ ਵਜ਼ੀਰ ਖਾਨ ਨੇ ਕਿਹਾ ਕਿ ਸੋਨੇ ਦੀਆਂ ਮੋਹਰਾਂ ਵਿਛਾ ਕੇ ਜ਼ਮੀਨ ਖਰੀਦਣੀ ਪਵੇਗੀ ਪਰ ਡਰ ਕਾਰਣ ਕਿਸੇ ਜ਼ਿਮੀਂਦਾਰ ਨੇ ਆਪਣੀ ਜ਼ਮੀਨ ਸਸਕਾਰ ਕਰਨ ਲਈ ਨਹੀਂ ਦਿੱਤੀ, ਆਖਿਰ ਇਕ ਜ਼ਿਮੀਂਦਾਰ ਅੱਤਾ ਆਪਣੀ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ ਪਰ ਸੂਬੇ ਦੇ ਨਵਾਬ ਦੀ ਸ਼ਰਤ ਮੁਤਾਬਕ ਦੀਵਾਨ ਟੋਡਰ ਮੱਲ ਨੇ ਇਹ ਸਭ ਤੋਂ ਮਹਿੰਗੀ ਜ਼ਮੀਨ ਸੋਨੇ ਦੀਆਂ ਖੜ੍ਹੀਆਂ ਮੋਹਰਾਂ ਵਿਛਾ ਕੇ ਖਰੀਦੀ, ਇਤਿਹਾਸਕ ਸਰੋਤਾਂ ਅਨੁਸਾਰ ਇਹ ਸੰਸਾਰ ਦੀ ਸਭ ਤੋਂ ਮਹਿੰਗੀ ਥਾਂ ਸੀ ਜੋ ਕਿ ਟੋਡਰ ਮੱਲ ਨੇ 78000 ਮੋਹਰਾਂ ਖੜ੍ਹੀਆਂ ਕਰ ਕੇ ਖਰੀਦੀ, ਜਿਸ ਉਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸਸਕਾਰ ਕੀਤਾ ਗਿਆ। ਇਸ ਥਾਂ ਉਤੇ ਗੁਰਦੁਆਰਾ ਜੋਤੀ ਸਰੂਪ ਸੁਸ਼ੋਭਿਤ ਹੈ।