ਪੰਜਾਬ ਯੂਨੀਵਰਸਿਟੀ ‘ਚ 10 ਨਵੰਬਰ ਨੂੰ ਪ੍ਰਦਰਸ਼ਨ ਦੌਰਾਨ ਗੇਟ ਤੋੜਨ ਵਾਲਿਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਦਰਜ ਰਿਪੋਰਟ ਅਨੁਸਾਰ ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਯੂਨੀਵਰਸਿਟੀ ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਡਿਊਟੀ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ। ਪੰਜਾਬ ਯੂਨੀਵਰਸਿਟੀ ਵਿਖੇ 18, 19 ਅਤੇ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਪੁਲਿਸ ਹੁਣ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ, ਵੀਡੀਓ ਅਤੇ ਫੋਟੋਆਂ ਦੀ ਵਰਤੋਂ ਕਰ ਰਹੀ ਹੈ। ਜਲਦੀ ਹੀ ਨੋਟਿਸ ਜਾਰੀ ਕੀਤੇ ਜਾਣਗੇ, ਅਤੇ ਕਈ ਗ੍ਰਿਫ਼ਤਾਰੀਆਂ ਸੰਭਵ ਹਨ। ਇਸ ਧੱਕਾ-ਮੁੱਕੀ ‘ਚ ਕਈ ਪ੍ਰਦਰਸ਼ਨਕਾਰੀ ਤੇ ਪੁਲਿਸ ਵਾਲੀ ਜ਼ਖਮੀ ਹੋਏ ਸਨ।
ਘਟਨਾ ਤੋਂ ਬਾਅਦ, ਪੁਲਿਸ ਨੇ ਇਕੱਠ ਨੂੰ ਗੈਰ-ਕਾਨੂੰਨੀ ਇਕੱਠ ਘੋਸ਼ਿਤ ਕੀਤਾ। ਭੀੜ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਵੱਖ-ਵੱਖ ਸੰਗਠਨਾਂ ਦੇ ਮੈਂਬਰ ਸ਼ਾਮਲ ਸਨ। ਉਨ੍ਹਾਂ ਵਿਰੁੱਧ ਬੀਐਨਐਸ ਐਕਟ 2023 ਦੀਆਂ ਧਾਰਾਵਾਂ 221, 223, 191(2), 190, 115(2), 121(1), ਅਤੇ 132 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।