ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਕੇਐਫਸੀ ਦੇ ਨੇੜੇ ਸਥਿਤ ਇੱਕ ਦੁਕਾਨ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਨਾਲ ਇਲਾਕੇ ਵਿੱਚ ਅਫ਼ੜਾ-ਤਫ਼ੜੀ ਮਚ ਗਈ। ਹਾਲਾਂਕਿ ਇਸ ‘ਚ ਕਿਸੇ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੁਕਾਨ ਅੰਦਰ ਸਾਮਾਨ ਸੜਨ ਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਲੋਕਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਤੋਂ ਕੁਝ ਹੀ ਸਮੇਂ ਬਾਅਦ ਅੱਗ ਭੜਕ ਉਠੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।
ਹਾਲਾਂਕਿ ਇਸ ਹਾਦਸੇ ‘ਚ ਹੋਏ ਨੁਕਸਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅੱਗ ਲੱਗਣ ਦੇ ਕਾਰਨ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ, ਪਰ ਮੁੱਢਲੀ ਜਾਂਚ ਮੁਤਾਬਕ ਸ਼ਾਰਟ ਸਰਕਟ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਅਤੇ ਫਾਇਰ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ।
ਥਿੰਦ ਐਨਕਲੇਵ ਇਲਾਕੇ ‘ਚ ਇੱਕ ਘਰ ‘ਚ ਲੱਗੀ ਅੱਗ
ਉੱਥੇ ਹੀ ਸ਼ਹਿਰ ਦੇ ਥਿੰਦ ਐਨਕਲੇਵ ਇਲਾਕੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਤੇਜ਼ ਹਵਾਵਾਂ ਕਰਕੇ ਅੱਗ ਜਲਦੀ ਫੈਲ ਗਈ ਅਤੇ ਧੂੰਆਂ ਦੂਰ ਤੱਕ ਨਜ਼ਰ ਆਇਆ। ਅੱਗ ਕਾਰਨ ਘਰ ਦਾ ਕਾਫ਼ੀ ਸਮਾਨ ਸੜ ਗਿਆ, ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਤੋਂ ਬਾਅਦ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਘਰ ਦੀ ਦੇਖਭਾਲ ਕਰਨ ਵਾਲੇ ਸੁਰੇਸ਼ ਚੌਧਰੀ ਨੇ ਦੱਸਿਆ ਕਿ ਉਹ ਰਾਤ ਕਰੀਬ 11:30 ਵਜੇ ਸੁੱਤਾ ਹੋਇਆ ਸੀ, ਜਦੋਂ ਉਸਨੇ ਕੁੱਤਿਆਂ ਦੇ ਭੌਂਕਣ ਦੀ ਆਵਾਜ਼ ਸੁਣੀ। ਬਾਹਰ ਆ ਕੇ ਦੇਖਿਆ ਤਾਂ ਘਰ ਵਿੱਚ ਅੱਗ ਲੱਗੀ ਹੋਈ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਉਸਨੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਹੋਰ ਵਧ ਗਈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਨੰਬਰ 5 ਤੋਂ ਏਐਸਆਈ ਪ੍ਰੇਮ ਪਾਲ ਵੀ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਘਰ ਵਿੱਚ ਦੇਖਭਾਲ ਕਰਨ ਵਾਲਾ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਪੁਲਿਸ ਨੇ ਮੁੱਢਲੀ ਜਾਂਚ ਦੇ ਆਧਾਰ ‘ਤੇ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।



