ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਦੱਸ ਦੇਈਏ ਕਿ ਤਾਜਪੋਸ਼ੀ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਹੋਈ।
ਅੰਮ੍ਰਿਤ ਵੇਲੇ ਹੋਈ ਤਾਜਪੋਸ਼ੀ
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਤੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।
ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇੱਕ ਸਧਾਰਨ ਸਿੱਖ ਪਰਿਵਾਰ ਵਿੱਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰ ਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।
ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਲਏ ਗਏ ਸਨ ਅਹਿਮ ਫੈਸਲੇ
ਜ਼ਿਕਰਯੋਗ ਹੈ ਕਿ SGPC ਦੀ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਇਹ ਫੈਸਲੇ ਲਏ ਗਏ ਸਨ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ।
ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਸਨ। ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਹੋਵੇਗੀ, ਉਨ੍ਹਾਂ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਹੋਵੇਗਾ। ਗਿਆਨੀ ਬਾਬਾ ਤੇਗ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਬਾਬਾ ਟੇਕ ਸਿੰਘ ਧਨੌਲਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣਗੇ।