ਪੰਜਾਬ ‘ਚ ਮੀਂਹ ਕਾਰਨ 8 ਦੇ ਕਰੀਬ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਹੜ੍ਹਾਂ ਦੀ ਲਪੇਟ ਵਿੱਚ ਹਨ। ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਮੁਲਤਵੀ ਕਰ ਦਿੱਤਾ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। 3 ਸਤੰਬਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋਣੇ ਸਨ।
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਲ 2022 ਵਿਚ ਸਰਕਾਰ ਬਨਣ ਤੋਂ ਬਾਅਦ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕੀਤਾ ਗਿਆ ਸੀ। ਇਸ ਵਰ੍ਹੇ ਚੌਥਾ ਸੀਜਨ ਹੋਣਾ ਸੀ, ਜਿਸ ਨੂੰ ਹੜ੍ਹਾਂ ਕਰਕੇ ਸੂਬਾ ਸਰਕਾਰ ਨੇ ਮੁਲਤਵੀ ਕਰ ਦਿੱਤਾ ਹੈ।