ਖਬਰਿਸਤਾਨ ਨੈੱਟਵਰਕ– ਹਿਮਾਚਲ ਸਰਕਾਰ ਨੇ ਪੰਜਾਬ ਉਤੇ ਨਵਾਂ ਬੋਝ ਪਾ ਦਿੱਤਾ ਹੈ। ਦੱਸ ਦੇਈਏ ਕਿ ਸੁੱਖ ਸਰਕਾਰ ਨੇ ‘ਜਲ ਸੈੱਸ’ ਦਾ ਮਾਮਲਾ ਫੇਲ੍ਹ ਹੋਣ ਮਗਰੋਂ ਹੁਣ ਹਾਈਡਰੋ ਪ੍ਰਾਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਾ ਦਿੱਤਾ ਹੈ, ਜਿਸ ਨਾਲ ਪੰਜਾਬ ’ਤੇ ਲਗਭਗ 200 ਕਰੋੜ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਇਸ ਕਾਰਣ ਹਿਮਾਚਲ ਪ੍ਰਦੇਸ਼ ਦੇ ਨਵੇਂ ਫ਼ੈਸਲੇ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਮੁੱਖ ਤਿੰਨ ਪ੍ਰਾਜੈਕਟਾਂ ਨੂੰ ਸਾਲਾਨਾ 433.13 ਕਰੋੜ ਦਾ ਵਿੱਤੀ ਭਾਰ ਝੱਲਣਾ ਪਵੇਗਾ, ਜੋ ਅੱਗਿਓ ਪੰਜਾਬ, ਹਰਿਆਣਾ ਤੇ ਰਾਜਸਥਾਨ ਸਰਕਾਰ ਨੂੰ ਤਾਰਨਾ ਪਵੇਗਾ।
BBMB ਨੇ ਭੇਜਿਆ ਇਤਰਾਜ਼
ਰਿਪੋਰਟ ਮੁਤਾਬਕ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਆਪਣਾ ਇਤਰਾਜ਼ ਭੇਜ ਦਿੱਤਾ ਹੈ। ਪਹਿਲਾਂ ਪੰਜਾਬ ਸਰਕਾਰ ਨੇ 24 ਦਸੰਬਰ 2025 ਨੂੰ ਆਪਣੇ ਇਤਰਾਜ਼ ਬੀ ਬੀ ਐੱਮ ਬੀ ਕੋਲ ਭੇਜ ਦਿੱਤੇ ਸਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ 3 ਜਨਵਰੀ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ’ਚ ਸਾਫ਼ ਕਰ ਦਿੱਤਾ ਹੈ ਕਿ ਹਾਈਡਰੋ ਪ੍ਰਾਜੈਕਟਾਂ ’ਤੇ ਦੋ ਫ਼ੀਸਦੀ ਭੌਂ ਮਾਲੀਆ ਸੈੱਸ ਤਾਰਨਾ ਹੀ ਪਵੇਗਾ। ਹਿਮਾਚਲ ਸਰਕਾਰ ਨੇ ਪਹਿਲਾਂ 16 ਮਾਰਚ 2023 ਨੂੰ ਹਾਈਡਰੋ ਪ੍ਰਾਜੈਕਟਾਂ ’ਤੇ ਜਲ ਸੈੱਸ ਲਾ ਦਿੱਤਾ ਸੀ।
‘ਜਲ ਸੈੱਸ’ ਨੂੰ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਐਲਾਨ ਦਿੱਤਾ ਸੀ
‘ਜਲ ਸੈੱਸ’ ਦਾ ਸਿਰਫ ਪੰਜਾਬ ’ਤੇ ਹੀ 400 ਕਰੋੜ ਸਲਾਨਾ ਬੋਝ ਪੈਣਾ ਸੀ ਪਰ ਉਸ ਵੇਲੇ ਇਸ ਜਲ ਸੈੱਸ ਨੂੰ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਐਲਾਨ ਦਿੱਤਾ ਸੀ। ਉਸ ਸਮੇਂ ਹਿਮਾਚਲ ਸਰਕਾਰ ਨੇ 188 ਪ੍ਰਾਜੈਕਟਾਂ ਤੋਂ ਦੋ ਹਜ਼ਾਰ ਕਰੋੜ ਰੁਪਏ ਜਲ ਸੈੱਸ ਵਜੋਂ ਇਕੱਠੇ ਕਰਨੇ ਸਨ। ਹਾਈ ਕੋਰਟ ਨੇ ਵੀ ਮਾਰਚ 2024 ’ਚ ਹਿਮਾਚਲ ਪ੍ਰਦੇਸ਼ ਸਰਕਾਰ ਦੇ ਜਲ ਸੈੱਸ ਨੂੰ ਗੈਰ ਸੰਵਿਧਾਨਿਕ ਕਰਾਰ ਦਿੱਤਾ ਸੀ। ਹੁਣ ਹਿਮਾਚਲ ਸਰਕਾਰ ਨੇ ਨਵਾਂ ਰਾਹ ਕੱਢਦਿਆਂ 12 ਦਸੰਬਰ 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਕੇ ਹਾਈਡਰੋ ਪ੍ਰਾਜੈਕਟਾਂ ’ਤੇ ਦੋ ਫ਼ੀਸਦੀ ਭੌਂ ਮਾਲੀਆ ਸੈੱਸ ਲਾ ਦਿੱਤਾ ਹੈ।
ਤਿੰਨ ਹਾਈਡਰੋ ਪ੍ਰਾਜੈਕਟਾਂ ’ਤੇ ਵੱਡਾ ਭਾਰ
ਹਿਮਾਚਲ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਭਾਖੜਾ ਡੈਮ ਦੀ ਕੀਮਤ 11372 ਕਰੋੜ ਮੰਨ ਕੇ 227.45 ਕਰੋੜ ਰੁਪਏ ਸਲਾਨਾ ਸੈੱਸ ਲਾਇਆ ਗਿਆ ਹੈ। ਇਸੇ ਤਰ੍ਹਾਂ ਪੌਂਗ ਡੈਮ ਦੀ ਕੀਮਤ 2938.32 ਕਰੋੜ ਮੰਨ ਕੇ 58.76 ਕਰੋੜ ਅਤੇ ਬਿਆਸ ਸਤਲੁਜ ਲਿੰਕ ਪ੍ਰਾਜੈਕਟ ਦੀ ਕੀਮਤ 7345.8 ਕਰੋੜ ਤੈਅ ਕਰਕੇ 146.91 ਕਰੋੜ ਰੁਪਏ ਸਲਾਨਾ ਭੌਂ ਮਾਲੀਆ ਤਾਰਨਾ ਪਵੇਗਾ। ਇਸ ਤੋਂ ਇਲਾਵਾ ਪਾਵਰਕੌਮ ਦੇ ਸ਼ਾਨਨ ਪ੍ਰਾਜੈਕਟ ’ਤੇ ਵੀ 16.32 ਕਰੋੜ ਰੁਪਏ ਸਲਾਨਾ ਦਾ ਵੱਖਰਾ ਬੋਝ ਪਵੇਗਾ।