ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਇੱਕ ਛੋਟੇ ਬੱਚੇ ਸਮੇਤ 27 ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਦੇਹਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਰਾਧਾ ਸੁਆਮੀ ਸਤਿਸੰਗ ਘਰ ਦੇ ਨੇੜੇ ਹੋਇਆ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟ੍ਰੈਕਟਰ ਦੀ ਬਰੇਕ ਫੇਲ ਹੋਣ ਕਾਰਨ ਵਾਪਰਿਆ ਹੈ। ਟ੍ਰੈਕਟਰ-ਟਰਾਲੀ ਵਿੱਚ ਸਵਾਰ ਪੰਜਾਬ ਦੇ ਇਹ ਸ਼ਰਧਾਲੂ ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰਨ ਤੋਂ ਬਾਅਦ ਜਵਾਲਾਜੀ ਮੰਦਰ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਇਸ ਹਾਦਸੇ ਦਾ ਸ਼ਿਕਾਰ ਹੋ ਗਏ।
ਇਹ ਹਾਦਸਾ ਨੈਸ਼ਨਲ ਹਾਈਵੇ-503 ‘ਤੇ ਢਲਿਆਰਾ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੇ ਕੋਲ ਦੁਪਹਿਰ ਕਰੀਬ ਸਵਾ 12 ਵਜੇ ਵਾਪਰਿਆ। ਇਸ ਵਿੱਚ ਪੰਜਾਬ ਦੇ ਕਪੂਰਥਲਾ ਤੋਂ ਆਏ 30 ਸ਼ਰਧਾਲੂ ਸਵਾਰ ਸਨ। ਐਸ.ਪੀ. ਦੇਹਰਾ ਮਯੰਕ ਚੌਧਰੀ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਗਈ ਹੈ ਅਤੇ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।