ਖ਼ਬਰਿਸਤਾਨ ਨੈੱਟਵਰਕ: IAS ਵਰਜੀਤ ਵਾਲੀਆ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਵਰਜੀਤ ਵਾਲੀਆ ਬਾਰੇ
ਵਰਜੀਤ ਵਾਲੀਆ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ, ਜਿਨ੍ਹਾਂ ਨੇ IIT ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿਚ ਬੀ ਟੈਕ ਕੀਤੀ ਹੋਈ ਹੈ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾਅ ਚੁੱਕੇ ਹਨ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਵਾਗਤ
ਵਰਜੀਤ ਵਾਲੀਆ ਦਾ ਅੱਜ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਨਵੇਂ ਬਣੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕਾਰਜਗੁਜ਼ਾਰੀ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।