ਜਲੰਧਰ ‘ਚ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉੱਥੇ ਹੀ ਦੇਰ ਰਾਤ 8-10 ਬਦਮਸ਼ਾਂ ਨੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ ਗਲੀ ਨੰਬਰ-6 ਵਿੱਚ ਸਥਿਤ ਬੱਬਰ ਜਵੈਲਰਜ਼ ਨੂੰ ਆਪਣਾ ਨਿਸ਼ਾਨਾ ਬਣਾਇਆ। ਬਦਮਾਸ਼ਾਂ ਨੇ 40 ਤੋਂ 50 ਲੱਖ ਦੇ ਕਰੀਬ ਗਹਿਣੇ ਲੁੱਟੇ। ਇਸ ਕਾਰਣ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਫ਼ੋਨ ਆਇਆ ਦੁਕਾਨ ਦੇ ਸ਼ਟਰ ਤੇ ਤਾਲੇ ਟੁੱਟੇ ਹੋਏ ਹਨ ਤਾਂ ਉਨ੍ਹਾਂ ਨੂੰ ਚੋਰੀ ਦਾ ਪਤਾ ਲੱਗਾ। ਦੁਕਾਨ ਵਿੱਚ ਸਾਮਾਨ ਖਿੱਲਰਿਆ ਪਿਆ ਸੀ ਅਤੇ ਗਹਿਣਿਆਂ ਦੀਆਂ ਅਲਮਾਰੀਆਂ ਖਾਲੀ ਸਨ। ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਥਾਣਾ ਪੁਲਿਸ ਦੀ ਟੀਮ ਨੇ ਦੁਕਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਮੁਲਜ਼ਮਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢਕੇ ਹੋਏ ਸਨ ਤਾਂ ਜੋ ਪਛਾਣ ਨਾ ਹੋ ਸਕੇ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਬੜੇ ਹੀ ਪੇਸ਼ੇਵਰ ਤਰੀਕੇ ਨਾਲ ਦੁਕਾਨ ਵਿੱਚ ਵੜ ਕੇ ਤਿਜੋਰੀ ਅਤੇ ਕਾਊਂਟਰ ਵਿੱਚ ਰੱਖੇ ਕੀਮਤੀ ਸੋਨੇ-ਚਾਂਦੀ ਦੇ ਗਹਿਣਿਆਂ ਨੂੰ ਨਿਸ਼ਾਨਾ ਬਣਾਇਆ।
ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਈ ਬਦਮਾਸ਼ ਦੁਕਾਨ ਵਿੱਚ ਵੜਦੇ ਹਨ ਅਤੇ ਕੁਝ ਹੀ ਸਮੇਂ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਫੁਟੇਜ ਦੇ ਆਧਾਰ ‘ਤੇ ਪੁਲਿਸ ਮੁਲਜ਼ਮਾਂ ਦੀ ਗਿਣਤੀ, ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਆਉਣ-ਜਾਣ ਦੇ ਰਸਤਿਆਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੂੰ ਦੁਕਾਨ ਦੀ ਅੰਦਰੂਨੀ ਜਾਣਕਾਰੀ ਪਹਿਲਾਂ ਹੀ ਸੀ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ
ਉੱਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਜਲਦੀ ਹੀ ਮੁਲਜ਼ਮਾਂ ਤੱਕ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਣਪਛਾਤੇ ਬਦਮਾਸ਼ਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਜਾਰੀ ਹੈ।