ਖਬਰਿਸਤਾਨ ਨੈੱਟਵਰਕ- ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਵਾਰ ਫਿਰ ਤੋਂ ਦਸਤਾਰ ਸਜਾਈ ਗਈ। ਇਸ ਦੌਰਾਨ ਦਸਤਾਰਬੰਦੀ ਸਮਾਗਮ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਸਤਾਰਬੰਦੀ ਸਮਾਗਮ ਵਿਚ ਅੱਜ ਸਿੱਖ ਪੰਥ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸੰਪਰਦਾਵਾਂ, ਸੰਤ ਸਮਾਜ, ਟਕਸਾਲ ਅਤੇ ਸਭਾ ਸੁਸਾਇਟੀਆਂ ਦੀ ਹਾਜ਼ਰੀ ਵਿਚ ਸੰਪੰਨ ਹੋਏ।ਦਸਤਾਰਬੰਦੀ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਬਿਆਨ
ਇਸ ਦੌਰਾਨ ਗੁਰਬਾਣੀ ਕੀਰਤਨ ਕੀਤਾ ਗਿਆ। ਉਪਰੰਤ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਦਸਤਾਰਬੰਦੀ ਸਮਾਗਮ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਸਮਾਗਮ ਵਿਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਮੂਹ ਨਿਹੰਗ ਜਥੇਬੰਦੀਆਂ ਗੁਰੂ ਸਾਹਿਬ ਵਲੋਂ ਦਰਸਾਈ ਸਿੱਖ ਰਹਿਤ ਮਰਿਆਦਾ ’ਤੇ ਹਮੇਸ਼ਾ ਪਹਿਰਾ ਦਿੰਦੀਆਂ ਰਹੀਆਂ ਹਨ ਅਤੇ ਅੱਗੋਂ ਤੋਂ ਵੀ ਉਹ ਇਸੇ ਤਰ੍ਹਾਂ ਹੀ ਸਿੱਖ ਪੰਥ ਦੇ ਸਮੁੱਚੇ ਵਡੇਰੇ ਪੰਥ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਮਤਿ ਅਨੁਸਾਰ ਚੱਲਣਗੀਆਂ।
ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਪਰੰਤ ਹੋਈ ਦਸਤਾਰਬੰਦੀ ਮਰਿਆਦਾ ਅਨੁਸਾਰ ਠੀਕ ਨਹੀਂ ਸੀ, ਜਿਸ ਦਾ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਪੁਰਜ਼ੋਰ ਵਿਰੋਧ ਕੀਤਾ ਗਿਆ ਸੀ ਪਰ ਅੱਜ ਸਿੱਖ ਪੰਥ ਦੇ ਸਿਰਮੌਰ ਇਤਿਹਾਸਿਕ ਦਿਹਾੜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਅਤੇ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਤਾਰਬੰਦੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸਿੰਘ ਸਾਹਿਬ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ ਹਨ।
ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਦਾ ਉਲੰਘਣ ਕਰਕੇ ਕੀਤੇ ਹਰ ਫੈਸਲੇ ਦਾ ਉਹ ਸਖ਼ਤ ਵਿਰੋਧ ਕਰਨਗੇ। ਉਨ੍ਹਾਂ ਇਹ ਵੀ ਕਿਹਾ ਹੈ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀਆਂ ਸਮੂਹ ਸੰਪਰਦਾਵਾਂ, ਸਭਾ ਸੁਸਾਇਟੀਆਂ, ਜਥੇਬੰਦੀਆਂ ਨਾਲ ਗੁਰਮਤਾ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੱਕੇ ਜਥੇਦਾਰ ਦੀ ਨਿਯੁਕਤੀ ਯਕੀਨੀ ਬਣਾਉਣ। ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹਨਾਂ ਦਾ ਰੋਮ ਰੋਮ ਸਿੱਖ ਪੰਥ ਨੂੰ ਸਮਰਪਿਤ ਹੈ, ਉਹ ਰਹਿਤ ਮਰਿਆਦਾ ਦੇ ਉਲਟ ਕੋਈ ਵੀ ਕਾਰਜ ਨਹੀਂ ਕਰਨਗੇ। ਉਸ ਸਮੁੱਚੇ ਪੰਥ ਨੂੰ ਗਲਵੱਕੜੀ ਵਿਚ ਲੈ ਕੇ ਪੰਥ ਦੇ ਵਡੇਰੇ ਹਿੱਤਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ।
ਜ਼ਿਕਰਯੋਗ ਇਹ ਵੀ ਹੈ ਕਿ ਅੱਜ ਦੇ ਸਮਾਗਮ ਵਿਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਸਮਾਜ ਤੇ ਹੋਰ ਵੀ ਵੱਡੀ ਗਿਣਤੀ ’ਚ ਸੰਪਰਦਾਵਾਂ ਨੇ ਸ਼ਮੂਲੀਅਤ ਨਹੀਂ ਕੀਤੀ, ਜੋ ਇਕ ਚਰਚਾ ਦਾ ਵਿਸ਼ਾ ਬਣਿਆ ਰਿਹਾ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ, ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਵਿੰਦਰ ਸਿੰਘ, ਨਿਹੰਗ ਸਿੰਘ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਤਰਨਾ ਦਲ ਤੇ ਮੁਖੀ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਤਰਨਾ ਦਲ ਹਰੀਆਂ ਵੇਲਾਂ ਵਲੋਂ ਜਥੇਦਾਰ ਬਾਬਾ ਨਾਗਰ ਸਿੰਘ, ਤਰਨਾ ਦਲ ਦੇ ਜਥੇਦਾਰ ਬਾਬਾ ਜੋਗਾ ਸਿੰਘ, ਦਮਦਮੀ ਟਕਸਾਲ ਦੇ ਗਿਆਨੀ ਰਾਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮਹਾਂਪੁਰਸ਼ ਨੇ ਸ਼ਮੂਲੀਅਤ ਕਰਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰਾਂ ਭੇਟ ਕੀਤੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਪਰੰਤ ਖ਼ਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਤਸਾਰ ਹੋਏ ਸੇਵਾ ਸੰਭਾਲ ਸਮਾਗਮ ਨਾਲ ਉਸ ਸਮੇਂ ਪੈਦਾ ਹੋਇਆ ਵਿਵਾਦ ਅਜੇ ਵੀ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ।
ਕੀ ਚੱਲ਼ ਰਿਹਾ ਸੀ ਵਿਵਾਦ
ਧਿਆਨਯੋਗ ਹੈ ਕਿ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਵਿਰੋਧ ਕੀਤੇ ਜਾਣ ਦੇ ਡਰ ਤੋਂ ਬੀਤੇ ਮਾਰਚ ਮਹੀਨੇ ਹੋਲਾ ਮਹੱਲਾ ਦੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਕਾਹਲੀ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਕਸਾਰ ਤਾਜਪੋਸ਼ੀ ਕਰ ਦਿੱਤੀ ਗਈ ਸੀ, ਜਿਸ ਨੂੰ ਸਿੱਖ ਪੰਥ ਦੀਆਂ ਸਮੂਹ ਨਿਹੰਗ ਜਥੇਬੰਦੀਆਂ, ਟਕਸਾਲਾਂ, ਸੰਪਰਦਾਵਾਂ, ਸਭਾ ਸੋਸਾਇਟੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਕਰਾਰ ਦੇ ਕੇ ਸਹਿਮਤੀ ਦੇਣ ਤੋਂ ਲਗਾਤਾਰ ਇਨਕਾਰ ਕਰਦਿਆਂ ਜਥੇਦਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਨਿਹੰਗ ਸਿੰਘ ਜਥੇਬੰਦੀਆਂ ਅਤੇ ਦਮਦਮੀ ਟਕਸਾਲ ਕਈ ਮਹੱਤਵਪੂਰਨ ਮੌਕਿਆਂ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋ ਸਨਮਾਨ ਲੈਣਾ ਵੀ ਬੰਦ ਕੀਤਾ ਹੋਇਆ ਸੀ। ਜਿਸ ਕਰ ਕੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਪੈਦਾ ਹੋਏ ਹਾਲਾਤ ਕਰ ਕੇ ਨਮੋਸ਼ੀਜਨਕ ਸਥਿਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ ਪਰ ਇਨ੍ਹਾਂ ਹਲਾਤਾਂ ਨੂੰ ਮੋੜਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਯਤਨਸ਼ੀਲ ਸਨ।
ਜਾਣਕਾਰੀ ਮੁਤਾਬਕ ਐਡਵੋਕੇਟ ਧਾਮੀ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਾਦਾ, ਸਭਾ ਸੋਸਾਇਟੀਆਂ ਦੇ ਨੁਮਾਇੰਦਿਆਂ ਨੂੰ ਪੰਥਕ ਹਲਾਤ ਦਾ ਵਾਸਤਾ ਅਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਲਈ ਰਾਜੀ ਕਰਨ ’ਚ ਸਫ਼ਲ ਹੋਏ ਹਨ। ਜਿਨ੍ਹਾਂ ਦੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ 25 ਅਕਤੂਬਰ ਨੂੰ ਸਿੰਘ ਸਾਹਿਬ ਦੀ ਤਾਜਪੋਸ਼ੀ ਲਈ ਸਮਾਗਮ ਰੱਖਿਆ ਗਿਆ ਸੀ।
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਨਿਹੰਗ ਜਥਿਆਂ ਨੇ ਇਸ ਮੌਕੇ ਗਿਆਨੀ ਗੜਗੱਜ ਨੂੰ ਦਸਤਾਰ ਸਜਾ ਕੇ ਸਨਮਾਨਿਤ ਕੀਤਾ ਅਤੇ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ।
ਵਿਵਾਦ ਦਾ ਕਾਰਨ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਮਾਰਚ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗੜਗੱਜ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਪੰਥ ਅਤੇ ਸੰਗਤ ਦੀ ਹਾਜ਼ਰੀ ਤੋਂ ਬਿਨਾਂ ਦਸਤਾਰ ਸਜਾਈ ਗਈ ਸੀ, ਜਿਸ ਕਾਰਨ ਕਈ ਪੰਥਕ ਜਥਿਆਂ ਅਤੇ ਸੰਪਰਦਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।