ਜਲੰਧਰ- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਵਿੱਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਕਮਿਸ਼ਨਰੇਟ ਵਿੱਚ ਪੈਂਦੇ 11 ਹਾਟਸਪਾਟਸ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ ਹੈ।
ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀ ਕਿਹਾ
ਇਸ ਮੁਹਿੰਮ ਤਹਿਤ ਭਾਰਗੋ ਕੈਂਪ ਵਿਖੇ ਅਗਵਾਈ ਕਰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਏਸੀਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰੇਟ ਅਧੀਨ 11 ਵੱਖ-ਵੱਖ ਸੰਵੇਦਨਸ਼ੀਲ ਥਾਵਾਂ ‘ਤੇ ਲੋੜੀਂਦੀ ਪੁਲਸ ਫੋਰਸ ਤਾਇਨਾਤ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ, ਸ਼ਹਿਰ ਵਿੱਚ ਅਜਿਹੀਆਂ ਥਾਵਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਥੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ।
11 ਨੂੰ ਕੀਤਾ ਗ੍ਰਿਫਤਾਰ
ਇਸ ਦੌਰਾਨ 11 ਐਫਆਈਆਰ ਪੁਲਸ ਥਾਣਾ ਡਿਵੀਜ਼ਨ ਨੰਬਰ 5 ਪੁਲਸ ਥਾਣਾ ਬਸਤੀ ਬਾਵਾ ਖੇਲ, ਪੁਲਸ ਥਾਣਾ ਭਾਰਗੋ ਕੈਂਪ, ਪੁਲਸ ਥਾਣਾ ਜਲੰਧਰ ਕੈਂਟ, ਪੁਲਸ ਥਾਣਾ ਸਦਰ, ਪੁਲਸ ਥਾਣਾ ਡਿਵੀਜ਼ਨ ਨੰਬਰ 6 ਅਤੇ ਪੁਲਸ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੀਆਂ ਗਈਆਂ। ਦੱਸ ਦੇਈਏ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਸਾਮਾਨ ਹੋਇਆ ਬਰਾਮਦ
‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਕੀਤੀ ਗਈ। ਪੁਲਸ ਨੇ 98.81 ਗ੍ਰਾਮ ਹੈਰੋਇਨ, 300 ਨਸ਼ੀਲੀਆਂ ਗੋਲੀਆਂ, 1 ਕਿਲੋਗ੍ਰਾਮ ਭੁੱਕੀ ਦਾ ਚੂਰਾ ਅਤੇ 3900 ਰੁਪਏ ਡਰੱਗ ਮਨੀ ਜ਼ਬਤ ਕੀਤੀ।
‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦਾ ਉਦੇਸ਼
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਤਹਿਤ ਕਮਿਸ਼ਨਰੇਟ ਪੁਲਸ ਸੜਕਾਂ ‘ਤੇ ਤਸਕਰੀ ਨੂੰ ਰੋਕ ਕੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਜਿਥੇ ਜਿਥੇ ਵੀ ਨਸ਼ਾ ਸਪਲਾਈ ਦੀਆਂ ਸ਼ਿਕਾਇਤਾਂ ਮਿਲਣਗੀਆਂ, ਪੁਲਸ ਉਥੇ ਸਖਤੀ ਨਾਲ ਕਾਰਵਾਈ ਕਰੇਗੀ।
ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ
ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ, ਕਮਿਸ਼ਨਰੇਟ ਪੁਲਸ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੋਕ ਵੀ ਕਰਨ ਸਹਿਯੋਗ
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਹਿਯੋਗ ਕਰਨ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਲੋਕ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਣ ਵਾਲੀ ਗਤੀਵਿਧੀ ਦੇਖਦੇ ਹਨ ਜਾਂ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।