ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸੇ ਦੌਰਾਨ ਅੱਜ ਬਠਿੰਡਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਚੰਡੀਗੜ੍ਹ ਹਾਈਵੇਅ ‘ਤੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਸਿਲੰਡਰਾਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਪਰ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ਬੱਸ ਬਠਿੰਡਾ ਤੋਂ ਮਾਨਸਾ ਜਾ ਰਹੀ ਸੀ।
ਕੋਈ ਜਾਨੀ ਨੁਕਸਾਨ ਨਹੀਂ
ਹਾਦਸੇ ਤੋਂ ਬਾਅਦ ਸੜਕ ‘ਤੇ ਜਾਮ ਲੱਗ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟ੍ਰੈਫਿਕ ਨੂੰ ਬਹਾਲ ਕਰਵਾਇਆ। ਖ਼ਦਸ਼ਾ ਜਤਾਇਆ ਜਾ ਰਿਹਾ ਸੀ ਕਿ ਜੇਕਰ ਸਿਲੰਡਰ ਫਟ ਜਾਂਦੇ ਤਾਂ ਵੱਡੀ ਤਬਾਹੀ ਹੋ ਸਕਦੀ ਸੀ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ।
ਮਹਿਲਾ ਕਾਂਸਟੇਬਲ ਸਮੇਤ 5 ਲੋਕਾਂ ਦੀ ਮੌਤ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀ ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ ਸੀ। ਇਸ ਦਰਦਨਾਕ ਹਾਦਸੇ ਵਿੱਚ ਇੱਕ ਮਹਿਲਾ ਕਾਂਸਟੇਬਲ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ ਦੇ ਪਿੰਡ ਗੁਰਥੜੀ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।



