ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਸਕੂਲਾਂ ਦਾ ਸਮਾਂ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੱਤਰ ‘ਚ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਪੈ ਰਹੀ ਹੈ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ 31 ਜਨਵਰੀ ਤਕ ਸਕੂਲਾਂ ਦਾ ਸਮਾਂ 10 ਵਜੇ ਕੀਤਾ ਜਾਵੇ। ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਕੂਲੀ ਵਾਹਨਾਂ ਨਾਲ ਹਾਦਸੇ ਵਾਪਰਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਸਿਫਾਰਸ਼ ਕੀਤੀ ਕਿ ਠੰਢ ਅਤੇ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਤੁਰਤ ਪ੍ਰਭਾਵ ਨਾਲ ਬਦਲਿਆ ਜਾਵੇ।
ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਸੂਬੇ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਜਿੱਥੇ ਆਪਣੇ ਪੱਧਰ ‘ਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ, ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਜੇ ਤਕ ਸਕੂਲਾਂ ਦਾ ਸਮਾਂ ਬਦਲਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਦੇ ਚਲਦੇ ਕੜਾਕੇ ਦੀ ਠੰਢ ਦਰਮਿਆਨ ਵੀ ਸਰਕਾਰੀ ਸਕੂਲ ਪਹਿਲਾਂ ਤੋਂ ਨਿਰਾਧਾਰਤ ਸਮੇਂ ਅਨੁਸਾਰ ਹੀ ਖੁੱਲ੍ਹ ਰਹੇ ਹਨ।