ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਤਰਨਤਾਰਨ ਦੀ ਰਹਿਣ ਵਾਲੀ 24 ਸਾਲਾ ਕਿਰਨਦੀਪ ਕੌਰ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ। ਉਹ ਕਰੀਬ ਦੋ ਸਾਲ ਪਹਿਲਾਂ ਸਟੂਡੈਂਟ ਵੀਜ਼ੇ ‘ਤੇ ਉੱਚ ਸਿੱਖਿਆ ਲਈ ਇੰਗਲੈਂਡ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ ਅਤੇ ਉਹ ਉੱਥੇ ਹੀ ਨੌਕਰੀ ਕਰ ਰਹੀ ਸੀ।
ਅਣਪਛਾਤੇ ਹਮਲਾਵਰ ਨੇ ਕਮਰੇ’ਚ ਵੜ ਕੀਤਾ ਹਮਲਾ
ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਕਿਰਨਦੀਪ ਆਪਣੇ ਕਮਰੇ ਵਿੱਚ ਸੁੱਤੀ ਹੋਈ ਸੀ। ਇਸੇ ਦੌਰਾਨ ਇੱਕ ਅਣਪਛਾਤਾ ਹਮਲਾਵਰ ਕਮਰੇ ਵਿੱਚ ਵੜਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਕਈ ਵਾਰ ਕਰ ਦਿੱਤੇ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਹੱਥ ਵਿੱਚ ਚਾਕੂ ਫੜੀ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ।
ਕਿਰਨਦੀਪ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਧੀ ਦਾ ਭਵਿੱਖ ਬਿਹਤਰ ਬਣਾਉਣ ਲਈ ਪਰਿਵਾਰ ਨੇ ਆਪਣੀ ਜ਼ਮੀਨ ਤੱਕ ਵੇਚ ਦਿੱਤੀ ਸੀ, ਤਾਂ ਜੋ ਉਸ ਨੂੰ ਇੰਗਲੈਂਡ ਪੜ੍ਹਨ ਭੇਜਿਆ ਜਾ ਸਕੇ, ਪਰ ਉਸ ਦੀ ਮੌਤ ਦੀ ਖ਼ਬਰ ਨੇ ਪੂਰੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਡੁੱਬ ਦਿੱਤਾ।
ਜਾਂਚ ‘ਚ ਜੁਟੀ ਬ੍ਰਿਟਿਸ਼ ਪੁਲਿਸ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬ੍ਰਿਟਿਸ਼ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ।
ਮਾਪਿਆਂ ਨੇ ਕੇਂਦਰ ਸਰਕਾਰ ਨੂੰ ਲਗਾਈ ਗੁਹਾਰ
ਕਿਰਨਦੀਪ ਦੇ ਮਾਤਾ-ਪਿਤਾ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ (ਪਾਰਥਿਵ ਸਰੀਰ) ਜਲਦ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ। ਦੂਜੇ ਪਾਸੇ, ਬ੍ਰਿਟਿਸ਼ ਪੁਲਿਸ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੋਈ ਹੈ, ਜਦਕਿ ਪਿੰਡ ਦੇ ਲੋਕਾਂ ਨੇ ਦੋਸ਼ੀ ਦੀ ਜਲਦ ਗ੍ਰਿਫਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।