ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSP ਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ। ਉਨ੍ਹਾਂ ਨੇ 3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਆਦੇਸ਼ ਦਿੱਤੇ ਹਨ | ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿਚਕਾਰ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨ ਲਈ ਕਿਹਾ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਵਿੱਚ ਨਸ਼ਾ ਤਸਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਫਿਰ ਨਸ਼ੇ ਦਾ ਕਾਰੋਬਾਰ ਛੱਡ ਦੇਣ।
CM ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ।
ਨਸ਼ਾ ਤਸਕਰਾਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗੀ ਸਬਸਿਡੀ
ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਵਿੱਚ ਕੋਈ ਸਬਸਿਡੀ ਨਾ ਦਿੱਤੀ ਜਾਵੇ ਤਾਂ ਕਿ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਿਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜੇ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨ.ਡੀ.ਪੀ.ਐਸ. ਐਕਟ ਵਿੱਚ ਕੋਈ ਹੋਰ ਸੋਧ ਦੀ ਲੋੜ ਪਵੇਗੀ ਤਾਂ ਉਹ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣਾ ਚਾਹੀਦਾ ਹੈ ਜਿਸ ਲਈ ਅਧਿਕਾਰੀਆਂ ਨੂੰ ਵਿਆਪਕ ਕਾਰਵਾਈ ਲਈ ਢੁਕਵੀਂ ਵਿਉਂਤਬੰਦੀ ਕਰਨੀ ਚਾਹੀਦੀ ਹੈ।
ਨਸ਼ੇ ਦੀ ਸਮੱਸਿਆ ਵਿਰੁੱਧ ਕੋਰਸ ਸ਼ੁਰੂ ਕਰਨ ਦਾ ਐਲਾਨ
ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਐਸ.ਡੀ.ਐਮ./ਫੀਲਡ ਅਧਿਕਾਰੀ ਨਸ਼ੇ ਦੇ ਆਦੀਆਂ ਖਾਸ ਕਰਕੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਜਾਣ ਦੇ ਮਾਮਲੇ ਵਿੱਚ ਪੀੜਤਾਂ ਦੇ ਘਰ ਜਾਣ ਤਾਂ ਜੋ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਸਕੂਲ ਸਿਲੇਬਸ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਜਿਸ ਲਈ ਸਿੱਖਿਆ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਹਰੇਕ ਮਾਮਲੇ ਵਿੱਚ ਮੁੱਖ ਮੰਤਰੀ ਰਾਹਤ ਫੰਡ ਤੋਂ ਢੁਕਵੀਂ ਰਾਹਤ ਦਿੱਤੀ ਜਾਵੇ।
ਇਹ ਵੀ ਹਦਾਇਤ ਕੀਤੀ ਕਿ ਨਸ਼ੇ ਦੇ ਆਦੀਆਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਆਪਕ ਪੱਧਰ ਉਤੇ ਲੋਕਾਂ ਕੋਲ ਪਹੁੰਚ ਕਰਨ ਅਤੇ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਲਈ ਵੀ ਕਿਹਾ।
ਦੁਰਵਿਵਹਾਰ ਕਰਨ ‘ਤੇ ਹੋਵੇਗੀ ਸਖਤ ਕਾਰਵਾਈ
ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਥਾਵਾਂ (ਹੌਟਸਪੌਟ) ਦੀ ਤਹਿ ਤੱਕ ਜਾ ਕੇ ਸ਼ਨਾਖਤ ਕੀਤੀ ਜਾਣੀ ਚਾਹੀਦੀ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਹਰ ਪੰਦਰਵਾੜੇ ਹਰੇਕ ਪ੍ਰਭਾਵਿਤ ਇਲਾਕੇ ਵਿੱਚ ਅਤੇ ਹਰੇਕ ਹਫ਼ਤੇ ਜੇਲ੍ਹਾਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਦਿਨ-ਰਾਤ ਵਿਆਪਕ ਪੱਧਰ ਉਤੇ ਸਖ਼ਤੀ ਨਾਲ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ, ਜਿਸ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰ ਪੁਲਿਸ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਉਸ ਨਾਲ ਬਹੁਤ ਕਰੜੇ ਹੱਥੀਂ ਨਜਿੱਠਿਆ ਜਾਣਾ ਚਾਹੀਦਾ ਹੈ।