ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼ ਅਤੇ ਪਨਬਸ-ਪੀਆਰਟੀਸੀ ਬੱਸਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਜਿਸ ਕਾਰਣ ਆਮ ਜਨਤਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਉਨ੍ਹਾਂ ਨੇ 31 ਅਕਤੂਬਰ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨੂੰ ਲਟਕਾ ਰਹੀ ਹੈ, ਮੁੱਖ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ, ਉਹ ਸਿਰਫ਼ ਬਹਾਨੇ ਬਣਾ ਰਹੀ ਹੈ।
ਯੂਨੀਅਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਅੱਜ 27 ਅਕਤੂਬਰ ਤੋਂ ਸ਼ੁਰੂ ਹੋਣਗੇ। ਇਹ ਸਖ਼ਤ ਫੈਸਲਾ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਲਗਾਤਾਰ ਦੇਰੀ ਅਤੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਅਧੀਨ ਚੱਲਣ ਵਾਲੀਆਂ ਬੱਸਾਂ ਲਈ ਟੈਂਡਰ ਦੁਬਾਰਾ ਜਾਰੀ ਕਰਨ ਦੇ ਵਿਰੋਧ ਵਿੱਚ ਲਿਆ ਗਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ 31 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਾਂ ਰਾਜ ਭਰ ਵਿੱਚ ਬੱਸਾਂ ਦਾ ਸੰਚਾਲਨ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ, ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਹੋ ਸਕਦੀ ਹੈ।ਕੰਟਰੈਕਟ ਇੰਪਲਾਈਜ਼ ਯੂਨੀਅਨ ਦੀ ਰਾਜ ਪੱਧਰੀ ਮੀਟਿੰਗ ਵਿੱਚ ਪੰਜਾਬ ਭਰ ਦੇ ਵੱਖ-ਵੱਖ ਡਿਪੂਆਂ ਦੇ ਪ੍ਰਮੁੱਖ ਨੁਮਾਇੰਦਿਆਂ ਨੇ ਹਿੱਸਾ ਲਿਆ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਦਾ ਸਖ਼ਤ ਵਿਰੋਧ ਪ੍ਰਗਟ ਕੀਤਾ ਗਿਆ।