ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਦੇ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਿਲਰਾਜ ਸਿੰਘ ਗਿੱਲ (28) ਵਜੋਂ ਹੋਈ ਹੈ, ਜੋ ਵੈਨਕੂਵਰ ਦਾ ਰਹਿਣ ਵਾਲਾ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਵੱਲੋਂ ਵਾਰਦਾਤ ਵਿੱਚ ਵਰਤੀ ਗਈ ਕਾਰ ਨੂੰ ਸਾੜ ਦਿੱਤੇ ਜਾਣ ਕਾਰਨ ਪੁਲਿਸ ਇਸ ਨੂੰ ‘ਟਾਰਗੇਟ ਕਿਲਿੰਗ’ (ਨਿਸ਼ਾਨਾ ਬਣਾ ਕੇ ਕੀਤਾ ਕਤਲ) ਮੰਨ ਕੇ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ 22 ਜਨਵਰੀ ਦੀ ਹੈ। ਸ਼ਾਮ ਕਰੀਬ ਸਾਢੇ ਪੰਜ ਵਜੇ ਪੁਲਿਸ ਨੂੰ ਬਰਨਬੀ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਉਸ ਦੀ ਜਾਨ ਨਹੀਂ ਬਚ ਸਕੀ।
ਜਾਂਚ ਦੌਰਾਨ ਪੁਲਿਸ ਨੂੰ ਬਕਸਟਨ ਸਟ੍ਰੀਟ ਦੇ 5000 ਬਲਾਕ ਇਲਾਕੇ ਵਿੱਚ ਇੱਕ ਸੜੀ ਹੋਈ ਕਾਰ ਮਿਲੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਾਤਲਾਂ ਨੇ ਇਸੇ ਗੱਡੀ ਦੀ ਵਰਤੋਂ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਇਸ ਲਈ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।



