ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਫਿਲੌਰ ਇਲਾਕੇ ਤੋਂ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਮੰਦਬੁੱਧੀ ਨੌਜਵਾਨ ਨੂੰ 200 ਰੁਪਏ ਦਾ ਲਾਲਚ ਦੇ ਕੇ ਅਤੇ ਸ਼ਰਾਬ ਪਿਲਾ ਕੇ ਕੁੱਤੇ ਨਾਲ ਕੁਕਰਮ ਕਰਨ ਲਈ ਮਜਬੂਰ ਕੀਤਾ ਗਿਆ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਫੈਲ ਗਿਆ। ਮੁਲਜ਼ਮ, ਜੋ ਕਿ ਇੱਕ ਜਰਮਨ ਸ਼ੈਫਰਡ ਕੁੱਤੇ ਦਾ ਮਾਲਕ ਦੱਸਿਆ ਜਾ ਰਿਹਾ ਹੈ, ਨੇ ਇਸ ਘਿਨਾਉਣੀ ਕਰਤੂਤ ਨੂੰ ਅੰਜਾਮ ਦਿਵਾਇਆ ਅਤੇ ਇਸ ਦੀ ਵੀਡੀਓ ਵੀ ਤਿਆਰ ਕੀਤੀ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਐਕਸ਼ਨ
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਸਵੈ-ਨੋਟਿਸ (Suo-Moto Notice) ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ‘ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ-2004’ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰਦਿਆਂ ਸਬ-ਡਵੀਜ਼ਨ ਫਿਲੌਰ ਦੇ ਡੀ.ਐਸ.ਪੀ. ਭਰਤ ਮਸੀਹ ਨੂੰ ਨੋਟਿਸ ਜਾਰੀ ਕਰਕੇ ਨਿੱਜੀ ਤੌਰ ‘ਤੇ ਤਲਬ ਕੀਤਾ ਹੈ।
ਪੁਲਿਸ ਦੀ ਕਾਰਵਾਈ ਅਤੇ ਜਾਂਚ ਦਾ ਦਾਇਰਾ
ਡੀ.ਐਸ.ਪੀ. ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕੁੱਤੇ ਦੇ ਮਾਲਕ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਹੋਰ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕਮਿਸ਼ਨ ਵਿੱਚ 19 ਫਰਵਰੀ ਨੂੰ ਹੋਵੇਗੀ ਸੁਣਵਾਈ
ਐਸ.ਸੀ. ਕਮਿਸ਼ਨ ਨੇ ਇਸ ਮਾਮਲੇ ਦੀ ਸੁਣਵਾਈ ਲਈ 19 ਫਰਵਰੀ 2026 ਦੀ ਤਾਰੀਖ਼ ਨਿਰਧਾਰਿਤ ਕੀਤੀ ਹੈ। ਡੀ.ਐਸ.ਪੀ. ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਘਟਨਾ ਨਾਲ ਸਬੰਧਤ ਸਾਰੇ ਤੱਥ, ਕਾਨੂੰਨੀ ਦਸਤਾਵੇਜ਼ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈ ਕੇ ਨਿੱਜੀ ਤੌਰ ‘ਤੇ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਣ। ਸਥਾਨਕ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਨੇ ਇਸ ਘਿਨਾਉਣੇ ਕਾਰੇ ਦੀ ਸਖ਼ਤ ਨਿੰਦਾ ਕੀਤੀ ਹੈ।