ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਯੂਟਿਊਬਰ ਰੋਜਰ ਸੰਧੂ ਦੇ ਘਰ ‘ਤੇ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਨੇ ਆਪਣੀ ਟੀਮ ਨਾਲ ਮਿਲ ਕੇ ਦੋਸ਼ੀ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਕਾਬੂ ਕੀਤਾ| ਦੋਸ਼ੀ ਦੀ ਪਛਾਣ ਮਨਿੰਦਰ ਉਰਫ ਬੌਬੀ ਵਜੋਂ ਹੋਈ ਹੈ। ਹੁਣ ਤੱਕ ਇਸ ਮਾਮਲੇ ‘ਚ ਮਨਿੰਦਰ ਸਮੇਤ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ|
ਇਸ ਸਬੰਧੀ ਜਾਣਕਾਰੀ ਐਤਵਾਰ ਰਾਤ ਨੂੰ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ। ਗੁਪਤ ਸੂਚਨਾ ਦੇ ਆਧਾਰ ‘ਤੇ, ਜਲੰਧਰ ਦਿਹਾਤੀ ਪੁਲਿਸ ਦੀ ਟੀਮ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉਸਨੇ ਇਹ ਹਥਿਆਰ ਦੋਸ਼ੀ ਰੋਹਿਤ ਬਸਰਾ ਨੂੰ ਸੌਂਪੇ ਸਨ। ਰੋਹਿਤ ਬਸਰਾ ਨੇ 8 ਮਾਰਚ ਨੂੰ ਜੰਡੂ ਸਿੰਘਾ ਵਿੱਚ ਅੰਮ੍ਰਿਤਪ੍ਰੀਤ ਅਤੇ ਧੀਰਜ ਨੂੰ ਇਹ ਹਥਿਆਰ ਮੁਹੱਈਆ ਕਰਵਾਏ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਨਿੰਦਰ ਖ਼ਿਲਾਫ਼ ਅਸਲਾ ਐਕਟ ਤਹਿਤ ਪਹਿਲਾਂ ਹੀ ਕਈ ਮਾਮਲੇ ਦਰਜ ਹਨ।
ਤੁਹਾਨੂੰ ਦੱਸ ਦੇਈਏ ਕਿ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਹਾਰਦਿਕ ਕੰਜੋਬ ਹੈ, ਜੋ ਕਿ ਹਰਿਆਣਾ ਦੇ ਯਮੁਨਾ ਨਗਰ ਦਾ ਰਹਿਣ ਵਾਲਾ ਹੈ। ਜਿਸਨੂੰ ਉਸਦੇ ਘਰ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਸ ਤੋਂ ਹਥਿਆਰ ਬਰਾਮਦ ਕਰਨ ਲਈ ਜਲੰਧਰ ਪਹੁੰਚੀ, ਤਾਂ ਉਸਨੇ ਉਕਤ ਹਥਿਆਰ ਨਾਲ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ। ਹਾਰਦਿਕ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਸੀ। ਜਿਸਨੇ ਰੋਜਰ ਸੰਧੂ ਦੇ ਘਰ ‘ਤੇ ਗ੍ਰਨੇਡ ਸੁੱਟਿਆ ਸੀ।