ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਫਿਲਹਾਲ ਉਨ੍ਹਾਂ ਨੂੰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਹਨ। ਅਦਾਲਤ ਨੇ ਮਾਮਲੇ ਨੂੰ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਮੰਗਿਆ। ਸੁਪਰੀਮ ਕੋਰਟ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਗਲੀ ਸੁਣਵਾਈ 2 ਫਰਵਰੀ 2026 ਲਈ ਤੈਅ ਕੀਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਕਿਹਾ ਕਿ ਉਹ ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਹੀ ਇਸ ‘ਤੇ ਕੋਈ ਫੈਸਲਾ ਲੈਣਗੇ।
ਪਿਛਲੇ ਸਾਲ ਦੀ 25 ਜੂਨ ਨੂੰ ਕੀਤਾ ਸੀ ਗ੍ਰਿਫ਼ਤਾਰ
ਬਿਕਰਮ ਮਜੀਠੀਆ ‘ਤੇ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ 2025 ਨੂੰ ਮਜੀਠੀਆ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ 2007 ਤੋਂ 2017 ਦੇ ਦਰਮਿਆਨ ਮੰਤਰੀ ਰਹਿੰਦਿਆਂ ਮਜੀਠੀਆ ਨੇ ਆਪਣੀ ਅਸਲ ਆਮਦਨ ਨਾਲੋਂ ਕਿਤੇ ਵੱਧ ਜਾਇਦਾਦ ਇਕੱਠੀ ਕੀਤੀ।
ਸੁਰੱਖਿਆ ਨੂੰ ਲੈ ਕੇ ਜਤਾਈ ਚਿੰਤਾ
ਮਜੀਠੀਆ ਨੇ ਅਦਾਲਤ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮੌਜੂਦਾ ਜੇਲ੍ਹ ਤੋਂ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਦਾ ਖਤਰਾ ਮਹਿਸੂਸ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਸੁਰੱਖਿਆ ਦੇ ਕੀ ਪ੍ਰਬੰਧ ਹਨ।
ਇਹ ਨਵਾਂ ਕੇਸ ਆਮਦਨ ਤੋਂ ਵੱਧ ਜਾਇਦਾਦ ਦਾ ਹੈ, ਜਦਕਿ ਮਜੀਠੀਆ ਪਹਿਲਾਂ ਹੀ 2021 ਦੇ ਡਰੱਗਜ਼ ਮਾਮਲੇ ਵਿੱਚ ਕਾਨੂੰਨੀ ਲੜਾਈ ਲੜ ਰਹੇ ਹਨ। ਉਸ ਮਾਮਲੇ ਵਿੱਚ ਉਨ੍ਹਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਸੀ, ਪਰ ਪਿਛਲੇ ਸਾਲ ਜੂਨ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇਸ ਨਵੇਂ ਮਾਮਲੇ ਵਿੱਚ ਉਨ੍ਹਾਂ ਨੂੰ ਮੁੜ ਗ੍ਰਿਫਤਾਰ ਕਰ ਲਿਆ ਸੀ।



